BREAKING- ਅਕਾਲੀ ਦਲ ਨੇ 2027 ਚੋਣਾਂ ਲਈ ਪਹਿਲਾ ਉਮੀਦਵਾਰ ਐਲਾਨਿਆ
ਸਰਬਜੀਤ ਝਿੰਜਰ ਨੂੰ ਘਨੌਰ ਤੋਂ ਮਿਲੀ ਟਿਕਟ
ਘਨੌਰ (ਪਟਿਆਲਾ), 30 ਅਗਸਤ 2026: ਪੰਜਾਬ ਵਿੱਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਨੇ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।
ਸਰਬਜੀਤ ਸਿੰਘ ਝਿੰਜਰ ਨੂੰ ਉਮੀਦਵਾਰ ਐਲਾਨਣ ਦਾ ਐਲਾਨ ਘਨੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਮਹਾਰੈਲੀ’ ਦੌਰਾਨ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਝਿੰਜਰ ’ਤੇ ਭਰੋਸਾ ਪ੍ਰਗਟਾਇਆ।
ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ ਤਾਂ ਸਰਬਜੀਤ ਸਿੰਘ ਝਿੰਜਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉਨ੍ਹਾਂ ਪਾਰਟੀ ਦੇ ਨੌਜਵਾਨ ਆਗੂਆਂ ਦੀ ਭੂਮਿਕਾ ਨੂੰ ਵੀ ਅਹਿਮ ਦੱਸਿਆ।
ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਝਿੰਜਰ ਇਸ ਸਮੇਂ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਘਨੌਰ ਤੋਂ ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਨਾਲ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਤਿਆਰੀ ਦਾ ਰਸਮੀ ਆਗਾਜ਼ ਕਰ ਦਿੱਤਾ ਹੈ।
- Download Babushahi App
-
-