Big Update: ਅੰਮ੍ਰਿਤਸਰ ’ਚ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
Babushahi Network
ਅੰਮ੍ਰਿਤਸਰ, 3 ਅਕਤੂਬਰ 2026: ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਇੱਕ ਸਨਸਨੀਖੇਜ਼ ਵਾਰਦਾਤ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲਗਭਗ ਸ਼ਾਮ 6 ਵਜੇ ਲੋਹਾਰਕਾ ਰੋਡ ’ਤੇ ਵਾਪਰੀ, ਜਿੱਥੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਵੱਲੋਂ ਮੈਡ ਸੰਧੂ ’ਤੇ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਮੈਡ ਸੰਧੂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਾਰਦਾਤ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੈਡ ਸੰਧੂ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਦਿਖਾਈ ਦੇ ਰਹੀ ਹੈ। ਉਸ ਦੇ ਸਾਥੀ ਉਸ ਨੂੰ ਉਠਾ ਕੇ ਇਲਾਜ ਲਈ ਲਿਜਾਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਮੌਕੇ ’ਤੇ ਪਹੁੰਚੇ ਡੀ.ਸੀ.ਪੀ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋ ਖੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜੋ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।
ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ, ਸ਼ਨੀਵਾਰ ਸ਼ਾਮ ਕਰੀਬ 5 ਵਜੇ, ਮੈਡ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਆਖਰੀ ਰੀਲ ਸਾਂਝੀ ਕੀਤੀ ਸੀ। ਇਸ ਰੀਲ ਵਿੱਚ ਉਹ ਇੱਕ ਗੀਤ ਗਾਉਂਦੀ ਨਜ਼ਰ ਆ ਰਹੀ ਸੀ, ਜਿਸ ਵਿੱਚ ਵਿਆਹ ਲਈ ‘ਚੰਗੇ ਮੁੰਡੇ’ ਦੀ ਇੱਛਾ ਅਤੇ ‘ਬੁਰੇ ਮੁੰਡਿਆਂ’ ਬਾਰੇ ਗੱਲ ਕੀਤੀ ਗਈ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੱਤਿਆ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਹੋਰ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਦੀ ਉਮੀਦ ਹੈ।
- Download Babushahi App
-
-