ਤਰਨਤਾਰਨ : 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ; 1 ਔਰਤ ਸਮੇਤ 4 ਸ਼ਰਧਾਲੂਆਂ ਦੀ ਮੌਤ
21 ਜ਼ਖ਼ਮੀ; ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਫਿਰੋਜ਼ਪੁਰ ਪਰਤ ਰਹੇ ਸਨ ਸ਼ਰਧਾਲੂ
ਤਰਨਤਾਰਨ, 14 ਨਵੰਬਰ, 2026: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਅੱਜ ਸ਼ਨੀਵਾਰ ਸ਼ਾਮ ਕਰੀਬ 4 ਵਜੇ ਨੈਸ਼ਨਲ ਹਾਈਵੇ-54 'ਤੇ ਪਿੰਡ ਨੌਸ਼ਹਿਰਾ ਪੰਨੂਆਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਪੰਜਾਬ ਸਰਕਾਰ ਦੀ 'ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਪਸ ਵਿੱਚ ਜ਼ਬਰਦਸਤ ਆਹਮੋ-ਸਾਹਮਣੇ ਟੱਕਰ ਹੋ ਗਈ। ਨਿਊਜ਼ 18 ਦੀ ਖ਼ਬਰ ਅਨੁਸਾਰ ਇਸ ਦਰਦਨਾਕ ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 21 ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਇਹ ਸਾਰੇ ਸ਼ਰਧਾਲੂ ਫਿਰੋਜ਼ਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ, ਦੋਵਾਂ ਬੱਸਾਂ ਵਿੱਚ ਕਰੀਬ 37 ਸ਼ਰਧਾਲੂ ਸਵਾਰ ਸਨ। ਜਦੋਂ ਬੱਸਾਂ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਨੇੜੇ ਪਹੁੰਚੀਆਂ, ਤਾਂ ਅਚਾਨਕ ਸਾਹਮਣੇ ਆਏ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਦੇ ਡਰਾਈਵਰ ਦਾ ਸੰਤੁਲਨ ਵਿਗੜ ਗਿਆ। ਬੇਕਾਬੂ ਹੋਈ ਬੱਸ ਸੜਕ ਦੇ ਵਿਚਕਾਰਲੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਦੂਜੇ ਪਾਸਿਓਂ ਆ ਰਹੀ ਦੂਜੀ ਬੱਸ ਨਾਲ ਸਿੱਧੀ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਚਕਨਾਚੂਰ ਹੋ ਗਏ ਅਤੇ ਮੌਕੇ 'ਤੇ ਚੀਕ-ਚਿਹਾੜਾ ਮੱਚ ਗਿਆ। ਸਥਾਨਕ ਲੋਕਾਂ ਅਤੇ ਸੜਕ ਸੁਰੱਖਿਆ ਫੋਰਸ (SSF) ਦੀਆਂ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਬੱਸਾਂ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਵਲ ਸਰਜਨ ਡਾ. ਸੰਦੀਪ ਧਵਨ ਵੱਲੋਂ ਤਰਨਤਾਰਨ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਅਤੇ ਸਾਰੇ ਡਾਕਟਰਾਂ ਤੇ ਐਂਬੂਲੈਂਸਾਂ ਨੂੰ ਤੁਰੰਤ ਤਾਇਨਾਤ ਕੀਤਾ ਗਿਆ। ਹਸਪਤਾਲ ਦੇ ਡਾਕਟਰ ਮੁਮਤਾਜ਼ ਅਨੁਸਾਰ, ਹਸਪਤਾਲ ਵਿੱਚ ਚਾਰ ਮ੍ਰਿਤਕ ਦੇਹਾਂ ਲਿਆਂਦੀਆਂ ਗਈਆਂ ਹਨ, ਜਦੋਂ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ 12 ਪੁਰਸ਼ਾਂ ਅਤੇ 9 ਔਰਤਾਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਯਾਤਰੀਆਂ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਹਾਲਾਂਕਿ, ਹਾਦਸੇ ਕਾਰਨ ਹਾਈਵੇ 'ਤੇ ਲੱਗੇ ਭਾਰੀ ਟ੍ਰੈਫਿਕ ਜਾਮ ਵਿੱਚ ਤਿੰਨ ਐਂਬੂਲੈਂਸਾਂ ਫਸ ਜਾਣ ਕਾਰਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਕੁਝ ਮੁਸ਼ਕਲ ਵੀ ਪੇਸ਼ ਆਈ।
ਤਰਨਤਾਰਨ ਦੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਨੂੰ ਤੁਰੰਤ ਘਟਨਾ ਸਥਾਨ 'ਤੇ ਭੇਜਿਆ ਗਿਆ। ਪੁਲਿਸ ਵੱਲੋਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-