ਅਕਾਲੀ ਦਲ ਵਾਰਿਸ ਪੰਜਾਬ ਦਾ ਵੱਡਾ ਫੈਸਲਾ, ਸਾਰੇ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ
Ravi Jakhu
ਅੰਮ੍ਰਿਤਸਰ, 28 ਅਕਤੂਬਰ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਥੇਬੰਦਕ ਪੱਧਰ ’ਤੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ, ਜਿਸ ਦੀ ਜਾਣਕਾਰੀ ਅਧਿਕਾਰਤ ਪੱਤਰ ਰਾਹੀਂ ਦਿੱਤੀ ਗਈ ਹੈ।
ਪਾਰਟੀ ਦੇ ਮੁੱਖ ਦਫ਼ਤਰ, ਫੇਰੂਮਾਨ ਰੋਡ, ਰਈਆ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸਹਾਇਕ ਦਫ਼ਤਰ ਸਕੱਤਰ ਜਤਿੰਦਰ ਸਿੰਘ ਮਹਿਤਾ ਵੱਲੋਂ ਪੱਤਰ ਜਾਰੀ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੇ ਮੌਜੂਦਾ ਸੰਗਠਨਾਤਮਕ ਢਾਂਚੇ ਨੂੰ ਭੰਗ ਕਰਨ ਦੇ ਫੈਸਲੇ ਦੀ ਪੁਸ਼ਟੀ ਕੀਤੀ ਗਈ ਹੈ।
ਪੱਤਰ ਮੁਤਾਬਕ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਹੁਦੇਦਾਰਾਂ ਦੀਆਂ ਅਗਲੀਆਂ ਨਿਯੁਕਤੀਆਂ ਬਾਰੇ ਫੈਸਲਾ ਸੀਨੀਅਰ ਲੀਡਰਸ਼ਿਪ ਵੱਲੋਂ ਜਲਦ ਲਿਆ ਜਾਵੇਗਾ।
ਇਸ ਦੇ ਨਾਲ ਹੀ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪਾਰਟੀ ਦੇ ਫੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਤੇ ਅਨੁਸ਼ਾਸਨ ਅਨੁਸਾਰ ਕੰਮ ਜਾਰੀ ਰੱਖਣ ਦੀ ਹਦਾਇਤ ਕੀਤੀ ਗਈ ਹੈ। ਹੁਣ ਨਵੇਂ ਜਥੇਬੰਦਕ ਢਾਂਚੇ ਅਤੇ ਨਿਯੁਕਤੀਆਂ ਸਬੰਧੀ ਅਗਲੇ ਐਲਾਨ ਦੀ ਉਡੀਕ ਹੈ।
- Download Babushahi App
-
-