Breaking- ਸਾਬਕਾ DIG ਕਾਂਗਰਸ 'ਚ ਸ਼ਾਮਲ
Babushahi Network
ਚੰਡੀਗੜ੍ਹ, 11 ਨਵੰਬਰ 2026: ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਪੁਲਿਸ ਦੇ ਸਾਬਕਾ ਡਿਪਟੀ ਇੰਸਪੈਕਟਰ ਜਨਰਲ (DIG) ਤੁਲਸੀ ਰਾਮ (IPS) ਅਤੇ ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਾਈਸ ਪ੍ਰਧਾਨ ਗੁਰਜਿੰਦਰਪਾਲ ਸਿੰਘ ਸ਼ਿਵ ਤਿਰਪਾਲਕੇ ਨੇ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਸ ਸ਼ਮੂਲਿਅਤ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ।
ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ IPS ਅਧਿਕਾਰੀ ਤੁਲਸੀ ਰਾਮ ਨੇ ਆਖਿਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਿੱਚ ਲੰਮਾ ਸਮਾਂ ਸੇਵਾ ਨਿਭਾਉਣ ਤੋਂ ਬਾਅਦ ਹੁਣ ਉਹ ਜਨਤਾ ਦੀ ਸੇਵਾ ਲਈ ਰਾਜਨੀਤਿਕ ਮੰਚ ਦੀ ਵਰਤੋਂ ਕਰਨਗੇ। ਉਨ੍ਹਾਂ ਭਰੋਸਾ ਦਵਾਇਆ ਕਿ ਉਹ ਸੂਬੇ ਵਿੱਚ ਅਮਨ-ਕਾਨੂੰਨ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਕਾਰਜਾਂ ਲਈ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ।
ਦੂਜੇ ਪਾਸੇ ਹਲਕਾ ਗੁਰੂ ਹਰ ਸਹਾਏ ਦੇ ਪ੍ਰਮੁੱਖ ਆਗੂ ਗੁਰਜਿੰਦਰਪਾਲ ਸਿੰਘ ਸ਼ਿਵ ਤਿਰਪਾਲਕੇ ਨੇ ਸ਼੍ਰੋਮਣੀ ਅਕਾਲੀ ਦਲ ਛੱਡਣ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਵਰਕਰਾਂ ਦੀ ਸਲਾਹ ਅਨੁਸਾਰ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਆਖਿਆ ਕਿ ਹਲਕਾ ਗੁਰੂ ਹਰ ਸਹਾਏ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਕਾਂਗਰਸ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ ਅਤੇ ਉਹ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਣਗੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਲਸੀ ਰਾਮ ਅਤੇ ਗੁਰਜਿੰਦਰਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਇਮਾਨਦਾਰ, ਸੂਝਵਾਨ ਅਤੇ ਲੋਕ-ਹਿੱਤਾਂ ਲਈ ਸਮਰਪਿਤ ਆਗੂਆਂ ਦਾ ਸਤਿਕਾਰ ਕਰਦੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਦੋਵਾਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਹਰ ਵਰਗ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਵੇਖ ਰਿਹਾ ਹੈ।
- Download Babushahi App
-
-