CM Mann ਦੇ ਦੌਰੇ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ’ਚ ਬੰਬ ਧਮਾਕੇ ਦੀ ਧਮਕੀ
ਪੁਲਿਸ ਨੇ ਸੁਰੱਖਿਆ ਵਧਾਈ
ਅਸ਼ੋਕ ਵਰਮਾ
ਬਠਿੰਡਾ, 3 ਸਤੰਬਰ 2026 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦੋ ਬਠਿੰਡਾ ਦੌਰੇ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦਫਤਰ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਨਵੇਂ ਜਿਲ੍ਹਾ ਪੁਲਿਸ ਮੁਖੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲਾ ਮਾਮਲਾ ਹੈ ਕਿ ਅਜਿਹੀ ਕੋਈ ਈਮੇਲ ਸਾਹਮਣੇ ਆਈ ਹੈ। ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ ਮੱਦੇ ਨਜ਼ਰ ਅਲਾਰਟ ਜਾਰੀ ਕਰ ਦਿੱਤਾ ਹੈ। ਇਸ ਕੰਪਲੈਕਸ ਵਿੱਚ ਸਰਕਾਰੀ ਬੈਂਕ ਤੋਂ ਇਲਾਵਾ, ਲਾਇਬਰੇਰੀ ਅਤੇ ਕਈ ਦੁਕਾਨਾਂ ਵੀ ਹਨ ਜਿਸ ਨੂੰ ਦੇਖਦਿਆਂ ਪੁਲਿਸ ਨੇ ਇਸ ਧਮਕੀ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਮੌਕੇ ਪੁਲਿਸ ਨੇ ਲਾਇਬਰੇਰੀ ਨੂੰ ਖਾਲੀ ਕਰਵਾਇਆ ਅਤੇ ਡੁੰਘਾਈ ਨਾਲ ਤਲਾਸ਼ੀ ਲਈ।
ਇਹ ਧਮਕੀ ਮੁੱਖ ਮੰਤਰੀ ਭਗਵੰਤ ਮਾਨ ਦੇ 5 ਤੋਂ 7 ਸਤੰਬਰ ਤੱਕ ਬਠਿੰਡਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਤੰਬਰ ਨੂੰ, ਇੱਥੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲਿਆਂ ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਉਹ 6 ਸਤੰਬਰ ਨੂੰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁਰਖਿਆਂ ਦੇ ਪਿੰਡ ਘੁੱਦਾ ਅਤੇ 7 ਸਤੰਬਰ ਨੂੰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਮਹਿਰਾਜ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਵੀ ਸੰਬੋਧਨ ਕਰਨਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 26 ਅਗਸਤ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਅਤੇ ਕੁਝ ਵਿਦਿਅਕ ਅਦਾਰਿਆਂ ਨੂੰ ਬੰਬ ਧਮਾਕਿਆਂ ਦੀ ਚਿਤਾਵਨੀ ਦੇਣ ਵਾਲੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਸਨ। ਪੁਲੀਸ ਟੀਮਾਂ ਨੇ ਤਲਾਸ਼ੀ ਲਈ ਅਤੇ ਬਾਅਦ ਵਿੱਚ ਈਮੇਲਾਂ ਨੂੰ ਅਫ਼ਵਾਹ (ਹੋਕਸ) ਕਰਾਰ ਦਿੱਤਾ ਸੀ
ਇਨ੍ਹਾਂ ਈਮੇਲਾਂ ਵਿੱਚ 5 ਸਤੰਬਰ ਨੂੰ ਬਠਿੰਡਾ ਵਿੱਚ ਮੁੱਖ ਮੰਤਰੀ ਦੀ ਹੱਤਿਆ ਕਰਨ ਦੀ ਧਮਕੀ ਵੀ ਸ਼ਾਮਲ ਸੀ।
ਇਸ ਤੋਂ ਪਹਿਲਾਂ, 24 ਅਗਸਤ ਨੂੰ, ਬਠਿੰਡਾ ਜ਼ਿਲ੍ਹੇ ਵਿੱਚ ਕੁਝ ਥਾਵਾਂ ’ਤੇ, ਜਿਸ ਵਿੱਚ ਇੱਕ ਸਰਕਾਰੀ ਸਕੂਲ ਵੀ ਸ਼ਾਮਲ ਹੈ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹਤਿਆਰੇ ਦਿਲਾਵਰ ਸਿੰਘ ਦੀ ਪ੍ਰਸ਼ੰਸਾ ਕਰਨ ਵਾਲੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਸਨ, ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਚੌਕਸੀ ਵਧਾ ਦਿੱਤੀ ਗਈ ਸੀ।ਡੀ.ਐੱਸ.ਪੀ. ਅਰੁਣ ਮੁੰਡਨ ਦਾ ਕਹਿਣਾ ਸੀ ਕਿ ਪੁਲਿਸ ਨੇ ਇਮਾਰਤ ਨੂੰ ਖਾਲੀ ਕਰਾ ਲਿਆ ਹੈ ਅਤੇ ਐਂਟੀ ਸਾਬੋਟਾਜ ਟੀਮ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਇਹ ਈਮੇਲ ਕਿਸੇ ਖਾਲਿਸਤਾਨ ਪੱਖੀ ਗਰੁੱਪ ਵੱਲੋਂ ਭੇਜੀ ਗਈ ਹੈ।
- Download Babushahi App
-
-