DM ਖੁਦਕੁਸ਼ੀ ਕੇਸ: ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਅਤੇ PA ਨੂੰ ਵੱਡਾ ਝਟਕਾ, ਅਗਾਂਊ ਜ਼ਮਾਨਤ ਪਟੀਸ਼ਨ ਖਾਰਜ
Babushahi Network
ਤਰਨਤਾਰਨ / ਚੰਡੀਗੜ੍ਹ 18 ਸਤੰਬਰ 2026: ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਆਤਮ-ਹੱਤਿਆ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਮਾਮਲੇ ਵਿੱਚ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀ.ਏ ਦਿਲਬਾਗ ਸਿੰਘ ਦੀ ਅਗਾਂਊ ਜ਼ਮਾਨਤ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਅਮਨ ਚੌਧਰੀ ਦੀ ਅਦਾਲਤ ਵਿੱਚ ਹੋਈ ਗੰਭੀਰ ਸੁਣਵਾਈ ਤੋਂ ਬਾਅਦ ਇਹ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ।
ਇਸ ਫੈਸਲੇ ਤੋਂ ਬਾਅਦ ਹੁਣ ਦੋਵਾਂ ਮੁਲਜ਼ਮਾਂ ਕੋਲ ਜਾਂ ਤਾਂ ਮਾਣਯੋਗ ਸੁਪਰੀਮ ਕੋਰਟ ਦਾ ਰੁਖ ਕਰਨ ਦਾ ਰਾਹ ਬਚਿਆ ਹੈ ਜਾਂ ਫਿਰ ਉਨ੍ਹਾਂ ਨੂੰ ਪੁਲਿਸ ਅੱਗੇ ਆਤਮ-ਸਮਰਪਣ (ਸਰੈਂਡਰ) ਕਰਨਾ ਪਵੇਗਾ। ਮੁਲਜ਼ਮਾਂ ਨੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਸਭ ਤੋਂ ਪਹਿਲਾਂ ਸਥਾਨਕ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਸੀ। ਹਾਲਾਂਕਿ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਤੋਂ ਅਗਾਂਊ ਜ਼ਮਾਨਤ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।
ਹਾਈਕੋਰਟ ਵੱਲੋਂ ਵੀ ਕੋਈ ਰਾਹਤ ਨਾ ਮਿਲਣ ਕਾਰਨ ਹੁਣ ਪੁਲਿਸ ਦੀਆਂ ਟੀਮਾਂ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਸੁਖਦੇਵ ਸਿੰਘ ਭੁੱਲਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਪੀਏ ਦਿਲਬਾਗ ਸਿੰਘ ਘਟਨਾ ਤੋਂ ਬਾਅਦ ਤੋਂ ਹੀ ਲਗਾਤਾਰ ਅੰਡਰ-ਗਰਾਊਂਡ ਚੱਲ ਰਹੇ ਹਨ।
ਕੀ ਹੈ ਪੂਰਾ ਮਾਮਲਾ?
ਇਹ ਪੂਰਾ ਘਟਨਾਕ੍ਰਮ 21 ਮਾਰਚ ਦਾ ਹੈ, ਜਦੋਂ ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਇੱਕ ਵੀਡੀਓ ਬਣਾਉਂਦੇ ਹੋਏ ਜ਼ਹਿਰਲਾ ਪਦਾਰਥ ਨਿਗਲ ਕੇ ਆਤਮ-ਹੱਤਿਆ ਕਰ ਲਈ ਸੀ। ਮ੍ਰਿਤਕ ਡੀਐੱਮ ਵੱਲੋਂ ਮੌਤ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਤੱਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ 'ਤੇ ਗੰਭੀਰ ਦੋਸ਼ ਲਗਾਏ ਗਏ ਸਨ।
ਵੀਡੀਓ ਵਿੱਚ ਦੱਸਿਆ ਗਿਆ ਸੀ ਕਿ ਇਨ੍ਹਾਂ ਸਾਰਿਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਨੇ ਡੀਐੱਮ ਦੀ ਆਤਮ-ਹੱਤਿਆ ਦੇ ਆਧਾਰ 'ਤੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮਾਮਲੇ ਦੀ ਗੰਭੀਰਤਾ ਅਤੇ ਸਿਆਸੀ ਦਬਾਅ ਨੂੰ ਦੇਖਦਿਆਂ ਲਾਲਜੀਤ ਸਿੰਘ ਭੁੱਲਰ ਨੂੰ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ।
ਇਸ ਦੌਰਾਨ ਡੀ.ਐੱਮ ਦੀ ਪਤਨੀ ਉਪਿੰਦਰ ਕੌਰ ਜੌਲੀ ਵੱਲੋਂ ਕੇਸ ਦੀ ਸੀਬੀਆਈ (CBI) ਜਾਂਚ ਦੀ ਮੰਗ ਲਈ ਹਾਈਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜੋ ਹਾਲ ਹੀ ਵਿੱਚ ਵਾਪਸ ਲੈ ਲਈ ਗਈ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਪਿਤਾ ਦੇ ਨਾਮ 'ਤੇ ਕਈ ਸਰਕਾਰੀ ਟੈਂਡਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਪੰਜਾਬ ਵੇਅਰਹਾਊਸ ਨਾਲ ਸੰਬੰਧਿਤ ਸੀ।
ਜਦੋਂ ਉਹ ਟੈਂਡਰ ਪ੍ਰਾਪਤ ਕਰਨ ਵਿੱਚ ਅਸਫਲ ਰਹੇ, ਤਾਂ ਡੀਐੱਮ ਰੰਧਾਵਾ ਨੂੰ ਕਥਿਤ ਤੌਰ 'ਤੇ ਘਰ ਬੁਲਾ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਧਮਕਾਇਆ ਗਿਆ। ਇੰਨਾ ਹੀ ਨਹੀਂ, ਉਨ੍ਹਾਂ ਤੋਂ ਜ਼ਬਰਦਸਤੀ ਇੱਕ ਵੀਡੀਓ ਵੀ ਬਣਵਾਈ ਗਈ ਸੀ, ਵਿੱਚ ਡੀ.ਐੱਮ ਰੰਧਾਵਾ ਨੂੰ ਇਹ ਕਹਾਇਆ ਗਿਆ ਸੀ ਕਿ "ਮੈਂ 10 ਲੱਖ ਰੁਪਏ ਦੀ ਰਿਸ਼ਵਤ ਲਈ ਸੀ।" ਡੀ.ਐੱਮ ਰੰਧਾਵਾ ਨੇ ਆਤਮ-ਹੱਤਿਆ ਕਰਨ ਤੋਂ ਪਹਿਲਾਂ ਤਰਨਤਾਰਨ ਦੇ ਡਿਪਟੀ ਕਮਿਸ਼ਨਰ (DC) ਅਤੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ।
ਇਸ ਸ਼ਿਕਾਇਤ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਆਤਮ-ਹੱਤਿਆ ਦੇ ਵਕਤ ਬਣਾਈ ਗਈ ਵੀਡੀਓ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਪੁਲਿਸ ਨੇ ਭੁੱਲਰ ਪਰਿਵਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਸੀ।
- Download Babushahi App
-
-