ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਜਨਤਕ ਸਭਾਵਾਂ ਕੀਤੀਆਂ
ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਫ਼ਤਿਹ ਹਾਸਲ ਕਰੇਗੀ - ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ, 20 ਅਗਸਤ- ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਹਲਕੇ ਦੇ ਪਿੰਡ ਰਾਏਮੱਲ ਤੇ ਸੰਗਤੂਵਾਲ ਵਿਖੇ ਜਨਤਕ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਉਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਜਾਣ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਪੰਜਾਬ ਵਿੱਚ ਨਸ਼ੇ ਦੇ ਪਸਾਰੇ ਲਈ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੂੰ ਕਟਹਿਰੇ ‘ਚ ਖੜ੍ਹਾ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਆਗੂਆਂ ਤੇ ਕਾਰਕੁਨਾਂ ਵੱਲੋਂ ਸੌਖੇ ਢੰਗ ਨਾਲ ਪੈਸੇ ਦੀ ਕਮਾਈ ਲਈ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਰਹੀ ਹੈ, ਜਦੋਂਕਿ ਮੁੱਖ ਮੰਤਰੀ ਸ: ਮਾਨ ਵੱਲੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਪੁਲੀਸ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ੇ ਤੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਜਾਵੇਗਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਨਸ਼ੇ ਵਿਰੁੱਧ ਵਾਰਡ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਇਨ੍ਹਾਂ ਵਾਰਡ ਕਮੇਟੀਆਂ ਦੇ ਮੈਂਬਰ ਬਣਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਵੱਲੋਂ ਕਿਸੇ ਕਿਸਮ ਦੀ ਸਿਆਸੀ ਦਖ਼ਲ ਅੰਦਾਜ਼ੀ ਨਾ ਪਹਿਲੋਂ ਕੀਤੀ ਜਾ ਰਹੀ ਸੀ, ਨਾ ਹੁਣ ਕੀਤੀ ਜਾ ਰਹੀ ਹੈ, ਸਗੋਂ ਨਸ਼ਾ ਤਸਕਰਾਂ ਪ੍ਰਤੀ ਢਿੱਲ ਵਰਤਣ ਵਾਲੇ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਵਿਰੁੱਧ ਵੀ ਵਿਭਾਗੀ ਕਾਰਵਾਈ ਕਰਨ ਤੋਂ ਸੰਕੋਚ ਨਹੀਂ ਕੀਤਾ ਜਾ ਰਿਹਾ।
ਸ. ਗੁਰਦੀਪ ਸਿੰਘ ਰੰਧਾਵਾ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਸਣੇ ਪੰਚਾਇਤਾਂ, ਨੰਬਰਦਾਰਾਂ, ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਲੋਕਾਂ ਨੂੰ ਸਮੂਹਿਕ ਤੌਰ ਤੇ ਨਸ਼ਿਆਂ ਵਿਰੁੱਧ ਹਲਫ਼ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿੱਚ ਵੀ ਫ਼ਤਿਹ ਹਾਸਲ ਕਰਨ ਜਾ ਰਹੀ ਹੈ।