ਮੋਹਾਲੀ ਜ਼ਿਲ੍ਹੇ ਵਿਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਪੜ੍ਹੋ ਪੂਰਾ ਵੇਰਵਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਫਰਵਰੀ:
ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਬੀਤੇ 10.02.2026 ਤੋਂ 10.04.2026 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ
ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।
ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਹੁਕਮ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।
Mohali news : ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ ਬੀਤੇ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।