PCS ਨਤੀਜਿਆਂ ’ਚ ਕਥਿਤ ਗੜਬੜੀ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ ਮਾਨ ਸਰਕਾਰ; ਕਿਹਾ- 4-5 ਸਾਲ ਮਿਹਨਤ ਕਰਨ ਵਾਲੇ ਨੌਜਵਾਨਾਂ ਨਾਲ ਹੋਇਆ ਧੱਕਾ
Ravi Jakhu
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਸਿਵਲ ਸਰਵਿਸਿਜ਼ (PCS) ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ PCS ਉਮੀਦਵਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਅਤੇ ਪ੍ਰੀਖਿਆ ਦੇ ਨਤੀਜਿਆਂ ਵਿੱਚ ਕਥਿਤ ਗੜਬੜੀਆਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ।
ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਦੀ ਕਥਿਤ ਲਾਪਰਵਾਹੀ ਅਤੇ ਨਤੀਜਿਆਂ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਮਿਹਨਤੀ ਉਮੀਦਵਾਰਾਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਉਨ੍ਹਾਂ ਕਿਹਾ ਕਿ PCS ਦੀ ਤਿਆਰੀ ਕਰਨਾ ਕਿਸੇ ਵੀ ਨੌਜਵਾਨ ਲਈ ਆਸਾਨ ਨਹੀਂ ਹੁੰਦਾ। ਵਿਦਿਆਰਥੀ ਆਪਣੀ ਜ਼ਿੰਦਗੀ ਦੇ ਚਾਰ ਤੋਂ ਪੰਜ ਸਾਲ ਦਿਨ-ਰਾਤ ਮਿਹਨਤ ਕਰਕੇ ਇਸ ਮੁਕਾਮ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ, ਪਰ ਜੇਕਰ ਨਤੀਜਿਆਂ ਵਿੱਚ ਗੜਬੜੀ ਹੋਵੇ ਤਾਂ ਉਨ੍ਹਾਂ ਦੀ ਸਾਰੀ ਮਿਹਨਤ ਅਤੇ ਉਮੀਦਾਂ ਨੂੰ ਵੱਡੀ ਸੱਟ ਵੱਜਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਮੀਦਵਾਰਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਸਾਰੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸੋਸ਼ਲ ਮੀਡੀਆ ’ਤੇ ਹਾਸੇ-ਮਜ਼ਾਕ ਅਤੇ ਆਪਣੀ ਵਾਹ-ਵਾਹ ਕਰਵਾਉਣ ਦੀ ਬਜਾਏ ਨੌਜਵਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਤਿੱਖੀ ਸ਼ਬਦੀ ਹਮਲਾ ਕੀਤਾ।
ਕਾਂਗਰਸ ਨੇ ਮੰਗ ਕੀਤੀ ਕਿ PCS ਉਮੀਦਵਾਰਾਂ ਨਾਲ ਹੋਏ ਕਥਿਤ ਅਨਿਆਂ ਦੀ ਜਾਂਚ ਕਰਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੁੱਦੇ ਨੇ ਪੰਜਾਬ ਵਿੱਚ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ।
- Download Babushahi App
-
-