PM ਮੋਦੀ ਦਾ ਸੰਬੋਧਨ ਸੁਣਨ ਤੋਂ ਬਾਅਦ ਨੌਜਵਾਨਾਂ ਨੇ ਨਸ਼ਾ ਮੁਕਤ ਭਾਰਤ ਦਾ ਲਿਆ ਸੰਕਲਪ
ਅਸ਼ੋਕ ਵਰਮਾ
ਬਠਿੰਡਾ, 2 ਅਗਸਤ 2026 :ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ (MY Bharat), ਬਠਿੰਡਾ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ ਸੰਕਲਪ ਅਭਿਆਨ’ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਦਾ ਸੰਕਲਪ ਲਿਆ।
ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਵਰਚੁਅਲ ਸੰਬੋਧਨ ਸੁਣਿਆ ਅਤੇ ਨਸ਼ਾ ਮੁਕਤੀ ਦੀ ਸਹੁੰ ਚੁੱਕਦਿਆਂ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਦੁਹਰਾਇਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਵਰਚੁਅਲ ਸੰਬੋਧਨ ਵਿੱਚ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ, ਸਗੋਂ ਪਰਿਵਾਰ, ਸਮਾਜ ਅਤੇ ਰਾਸ਼ਟਰ ਦੀ ਤਰੱਕੀ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਫੈਲਾਉਣ, ਸਿਹਤਮੰਦ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਅਤੇ ‘ਨਸ਼ਾ ਮੁਕਤ ਭਾਰਤ, ਵਿਕਸਿਤ ਭਾਰਤ’ ਦੇ ਸੰਕਲਪ ਨੂੰ ਹਰ ਘਰ ਅਤੇ ਹਰ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਡਾ. ਜਸਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਅਪਣਾਉਣ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਸੁਖਵਿੰਦਰ ਕੌਰ, ਪ੍ਰੋਗਰਾਮ ਅਧਿਕਾਰੀ ਦਾ ਵਿਸ਼ੇਸ਼ ਸਹਿਯੋਗ ਰਿਹਾ।ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮਿਸ਼ਾ ਨੇ ਕਿਹਾ, “ਨੌਜਵਾਨ ਸ਼ਕਤੀ ਹੀ ਵਿਕਸਿਤ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਤਾਂ ਹੀ ਸੰਭਵ ਹੈ, ਜਦੋਂ ਹਰ ਨੌਜਵਾਨ ਖੁਦ ਜਾਗਰੂਕ ਬਣੇ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਇਸ ਅਭਿਆਨ ਨਾਲ ਜੋੜੇ। ‘ਨਸ਼ਾ ਮੁਕਤ ਯੁਵਾ, ਵਿਕਸਿਤ ਭਾਰਤ’ ਅਭਿਆਨ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਜਨ-ਭਾਗੀਦਾਰੀ ਨਾਲ ਚੱਲਣ ਵਾਲਾ ਇੱਕ ਰਾਸ਼ਟਰੀ ਜਨ ਅੰਦੋਲਨ ਹੈ।”
ਪ੍ਰੋਗਰਾਮ ਵਿੱਚ ਸ਼ਾਮਲ ਨੌਜਵਾਨਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਅਭਿਆਨ ਦਾ ਸਮਰਥਨ ਕਰਦਿਆਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ। ਮਾਈ ਭਾਰਤ (MY Bharat), ਬਠਿੰਡਾ ਵੱਲੋਂ ਸਾਰੇ ਭਾਗੀਦਾਰਾਂ, ਸਹਿਯੋਗੀ ਸੰਸਥਾਵਾਂ ਅਤੇ ਪ੍ਰੋਗਰਾਮ ਨਾਲ ਜੁੜੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ ਗਿਆ।
- Download Babushahi App
-
-