PRTC ਬੱਸ ਵਿੱਚੋਂ ਨਸ਼ਾ ਬਰਾਮਦ, ਡਰਾਈਵਰ-ਕੰਡਕਟਰ ਗ੍ਰਿਫਤਾਰ
ਕਪੂਰਥਲਾ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ, ਫਗਵਾੜਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਭਾਰੀ ਮਾਤਰਾ ਵਿੱਚ ਨਸ਼ਾ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਫਗਵਾੜਾ ਬੱਸ ਅੱਡੇ 'ਤੇ ਬੱਸ ਦੀ ਜਾਂਚ ਦੌਰਾਨ ਕੀਤੀ ਗਈ।
ਡੀਐਸਪੀ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪਾ ਮਾਰਿਆ ਅਤੇ ਬੱਸ ਵਿੱਚੋਂ ਚੂਰਾ ਪੋਸਤ ਡੋਡੇ ਬਰਾਮਦ ਕੀਤੇ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੇ ਦੇ ਇੱਕ ਵੱਡੇ ਨੈੱਟਵਰਕ ਨਾਲ ਜੁੜੇ ਹੋਏ ਸਨ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਕਾਰਵਾਈ ਨਾਲ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਹੋ ਸਕਦਾ ਹੈ।
