ਪੰਜਾਬ ਵਿੱਚ ਸ਼ਰਾਬ ਹੋਵੇਗੀ ਮਹਿੰਗੀ: ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇਵੇਗੀ ਕੈਬਨਿਟ
₹12,500 ਕਰੋੜ ਦੀ ਕਮਾਈ ਦਾ ਟੀਚਾ
ਚੰਡੀਗੜ੍ਹ: 23 ਫਰਵਰੀ, 2026
ਪੰਜਾਬ ਸਰਕਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਦੌਰਾਨ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਹਰੀ ਝੰਡੀ ਦੇਣ ਜਾ ਰਹੀ ਹੈ। ਮੁੱਖ ਮੰਤਰੀ ਨਿਵਾਸ 'ਤੇ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਾਲੀਆ ਵਧਾਉਣ ਦੇ ਟੀਚਿਆਂ 'ਤੇ ਮੋਹਰ ਲੱਗਣ ਦੀ ਪੂਰੀ ਸੰਭਾਵਨਾ ਹੈ। ਸਰਕਾਰ ਨੇ ਅਗਲੇ ਵਿੱਤੀ ਸਾਲ ਲਈ 12,500 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਠਾ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ, ਜੋ ਕਿ ਪਿਛਲੇ ਸਾਲ ਦੇ 11,200 ਕਰੋੜ ਰੁਪਏ ਦੇ ਟੀਚੇ ਨਾਲੋਂ ਲਗਭਗ 8 ਤੋਂ 10 ਫੀਸਦੀ ਜ਼ਿਆਦਾ ਹੈ। ਨਵੀਂ ਨੀਤੀ ਵਿੱਚ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਅੰਗਰੇਜ਼ੀ ਸ਼ਰਾਬ (IMFL) ਦਾ ਕੋਟਾ ਵੀ ਵਧਾਇਆ ਜਾ ਰਿਹਾ ਹੈ ਤਾਂ ਜੋ ਬਾਜ਼ਾਰ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਇਸ ਵਾਰ ਸਰਕਾਰ ਦਾ ਮੁੱਖ ਧਿਆਨ ਆਬਕਾਰੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ 'ਤੇ ਸ਼ਿਕੰਜਾ ਕੱਸਣ ਵੱਲ ਹੈ। ਇਸ ਦੇ ਲਈ 'ਟਰੈਕ ਐਂਡ ਟਰੇਸ' ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਫੀਲਡ ਵਿੱਚ ਨਿਗਰਾਨੀ ਵਧਾਈ ਜਾਵੇਗੀ। ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵੀ ਪੂਰੀ ਤਰ੍ਹਾਂ ਡਿਜੀਟਲ ਕੀਤਾ ਜਾ ਰਿਹਾ ਹੈ ਤਾਂ ਜੋ ਮਨੁੱਖੀ ਦਖਲਅੰਦਾਜ਼ੀ ਘੱਟ ਸਕੇ ਅਤੇ ਸਿਰਫ਼ ਯੋਗ ਕਾਰੋਬਾਰੀ ਹੀ ਇਸ ਖੇਤਰ ਵਿੱਚ ਆ ਸਕਣ। ਸਰਕਾਰ ਨੇ ਇਹ ਨੀਤੀ ਤਿਆਰ ਕਰਨ ਤੋਂ ਪਹਿਲਾਂ ਸ਼ਰਾਬ ਠੇਕੇਦਾਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ ਅਤੇ ਉਨ੍ਹਾਂ ਦੇ ਅਹਿਮ ਸੁਝਾਵਾਂ ਨੂੰ ਇਸ ਨਵੀਂ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ 6,300 ਤੋਂ ਵੱਧ ਸ਼ਰਾਬ ਦੇ ਠੇਕੇ ਚੱਲ ਰਹੇ ਹਨ, ਜਿਨ੍ਹਾਂ ਰਾਹੀਂ ਮਾਲੀਆ ਇਕੱਠਾ ਕੀਤਾ ਜਾਂਦਾ ਹੈ।
ਆਬਕਾਰੀ ਨੀਤੀ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਵੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਇਸ ਵਾਰ ਸੂਬੇ ਦਾ ਬਜਟ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੇਸ਼ ਕੀਤਾ ਜਾਵੇਗਾ। ਇਸ ਖਾਸ ਮੌਕੇ 'ਤੇ ਸਰਕਾਰ ਵੱਲੋਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਵਿਰੋਧੀ ਧਿਰ ਦੇ ਨੇਤਾਵਾਂ ਅਨੁਸਾਰ ਬਜਟ ਸੈਸ਼ਨ 6 ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲ ਸਕਦਾ ਹੈ, ਜਿਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਹੋਣ ਦੀ ਸੰਭਾਵਨਾ ਹੈ।
Click to Follow Babushahi Facebook page →