Punjab Breaking: ਜੇਲ੍ਹ ’ਚ ਬੰਦ ਪੱਤਰਕਾਰ ਵੱਲੋਂ ਖ਼ੁਦਕੁਸ਼ੀ
ਅੰਮ੍ਰਿਤਸਰ, 27 ਅਗਸਤ 2026: ਪਾਬੰਦੀਸ਼ੁਦਾ ਦਵਾਈਆਂ ਦੀ ਕਥਿਤ ਤਸਕਰੀ ਦੇ ਦੋਸ਼ ਹੇਠ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਬੰਦ ਵੈੱਬ ਚੈਨਲ ਦੇ ਪੱਤਰਕਾਰ ਦੀਪਕ ਭੰਡਾਰੀ ਦੀ ਅੰਮ੍ਰਿਤਸਰ ਜੇਲ੍ਹ ਅੰਦਰ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਨੇ ਜੇਲ੍ਹ ਅੰਦਰ ਆਪਣੀ ਜਾਨ ਲੈ ਲਈ। ਭੰਡਾਰੀ ਕਰੀਬ ਡੇਢ ਸਾਲ ਤੋਂ ਜੇਲ੍ਹ ਵਿੱਚ ਬੰਦ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜੇਲ੍ਹ ਅਧਿਕਾਰੀਆਂ ਨੇ ਉਸ ਦੇ ਪਰਿਵਾਰਕ ਮੈਂਬਰਾਂ, ਸਿਵਲ ਲਾਈਨ ਥਾਣੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਸਲਾਮਾਬਾਦ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਦੀਪਕ ਭੰਡਾਰੀ ਲੰਬੀ ਚੱਲ ਰਹੀ ਕਾਨੂੰਨੀ ਕਾਰਵਾਈ ਅਤੇ ਮਾਮਲੇ ਵਿੱਚ ਰਾਹਤ ਨਾ ਮਿਲਣ ਕਾਰਨ ਕਥਿਤ ਤੌਰ ’ਤੇ ਮਾਨਸਿਕ ਤਣਾਅ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਮਹੀਨੇ ਪਹਿਲਾਂ ਉਸ ਦੇ ਭਰਾ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਸੀ, ਪਰ ਭੰਡਾਰੀ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਸੀ। ਪੁਲੀਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
- Download Babushahi App
-
-