Punjab Breaking: ਭਗਵੰਤ ਮਾਨ ਅਤੇ ਕੇਜਰੀਵਾਲ 8 ਮਈ ਨੂੰ 'ਨਸ਼ਾ ਮੁਕਤੀ ਯਾਤਰਾ' ਦੀ ਕਰਨਗੇ ਸ਼ੁਰੂਆਤ
8 ਮਈ ਨੂੰ ਜਲਾਲਪੁਰ ਤੋਂ ਹੋਵੇਗੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਸੰਬੋਧਨ
ਟਾਂਡਾ/ਹੁਸ਼ਿਆਰਪੁਰ, 5 ਮਈ : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਇਕ ਇਤਿਹਾਸਕ ਪਹਿਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ 8 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਟਾਂਡਾ ਦੇ ਪਿੰਡ ਜਲਾਲਪੁਰ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਸਬੰਧ ਵਿਚ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ।
ਮੀਟਿੰਗ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨਾਲ ਸਬੰਧਤ ਤਿਆਰੀਆਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਹ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਵਚਨਬੱਧਤਾ ਦਾ ਹਿੱਸਾ ਹੈ ਜਿਸ ਤਹਿਤ ਸੂਬੇ ਨੂੰ ਨਸ਼ੇ ਦੀ ਚਪੇਟ ਤੋਂ ਬਾਹਰ ਕੱਢਣ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅੰਦੋਲਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਗਿਣਤੀ ਵਿਚ 8 ਮਈ ਨੂੰ ਜਲਾਲਪੁਰ ਪਹੁੰਚਣ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 8 ਮਈ ਨੂੰ ਸਵੇਰੇ 11 ਵਜੇ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਚ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਸਾਸਨ ਵਲੋਂ ਵਿਅਪਕ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੁਰੱਖਿਆ, ਟਰੈਫਿਕ ਅਤੇ ਹੋਰ ਵਿਵਸਥਾ ਨੂੰ ਲੈ ਕੇ ਸਾਰੇ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।