ਦੇਸ਼ ਦੀ ਆਜ਼ਾਦੀ ਮਗਰੋਂ ਹੁਣ ਲਾਲ ਲਕੀਰ ਵਾਲੇ ਘਰਾਂ ਨੂੰ ਮਿਲਿਆ ਮਾਲਕੀ ਹੱਕ
‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਵਿਧਾਇਕ ਗਿਆਸਪੁਰਾ ਨੇ ਕਿਹਾ- ਦਹਾਕਿਆਂ ਪੁਰਾਣੀ ਮੰਗ ਮਾਨ ਸਰਕਾਰ ਨੇ ਕੀਤੀ ਪੂਰੀ
ਰਵਿੰਦਰ ਢਿੱਲੋਂ
ਖੰਨਾ, 07 ਅਕਤੂਬਰ 2026- ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਾਇਲ ਵਿਧਾਨ ਸਭਾ ਹਲਕੇ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਅੱਜ ਪਿੰਡ ਨਿਜਾਮਪੁਰ ਤੋਂ ਪਹਿਲਕਦਮੀ ਕੀਤੀ ਗਈ। ਪਾਇਲ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਨਿਜਾਮਪੁਰ ਵਿਖੇ 162 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਮਾਲਕੀ ਹੱਕ ਦੇ ਕਾਰਡ ਮਿਲਣ ਤੋਂ ਬਾਅਦ ਲਾਭਪਾਤਰੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰ ਆਪਣੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਦੀ ਇੱਕ ਵੱਡੀ ਅਤੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵੱਲ ਕਦਮ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਲਾਲ ਲਕੀਰ ਜਾਂ ਲਾਲ ਡੋਰੇ ਅੰਦਰ ਆਉਂਦੇ ਘਰਾਂ ਦੇ ਵਸਨੀਕ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਮਾਲਕੀ ਦਾ ਅਜਿਹਾ ਰਿਕਾਰਡ ਨਹੀਂ ਸੀ ਜਿਸ ਨਾਲ ਉਹ ਆਪਣੀ ਜਾਇਦਾਦ ਨੂੰ ਪੂਰੀ ਤਰ੍ਹਾਂ ਕਾਨੂੰਨੀ ਤੌਰ ’ਤੇ ਵਰਤ ਸਕਣ। ਸਰਕਾਰੀ ਜਾਣਕਾਰੀ ਅਨੁਸਾਰ ਇਸ ਸਕੀਮ ਦਾ ਉਦੇਸ਼ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣਾ ਹੈ। ਇਸ ਨਾਲ ਜਾਇਦਾਦ ਨੂੰ ਰਜਿਸਟਰ ਕਰਵਾਉਣ, ਲੋਨ ਲੈਣ ਅਤੇ ਵੇਚਣ ਸਮੇਤ ਜਾਇਦਾਦ ਨਾਲ ਜੁੜੀਆਂ ਸਹੂਲਤਾਂ ਦਾ ਰਾਹ ਖੁੱਲ੍ਹਦਾ ਹੈ।
ਗਿਆਸਪੁਰਾ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰ ਦੀ ਮਾਲਕੀ ਸਾਬਤ ਕਰਨ ਸਬੰਧੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮਾਲਕੀ ਹੱਕ ਨਾ ਹੋਣ ਕਾਰਨ ਜਾਇਦਾਦ ਨੂੰ ਵਿੱਤੀ ਸੰਪਤੀ ਵਜੋਂ ਵਰਤਣ ਵਿੱਚ ਵੀ ਦਿੱਕਤ ਆਉਂਦੀ ਸੀ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਦਸਤਾਵੇਜ਼ ਮਿਲਿਆ ਹੈ।
ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਲੱਖਾਂ ਪਰਿਵਾਰਾਂ ਲਈ ਰਾਹਤ ਵਾਲਾ ਕਦਮ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਇੱਕ ਅਹਿਮ ਪਹਿਲਕਦਮੀ ਦੱਸਿਆ, ਜਿਸ ਰਾਹੀਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਨਾਲ ਜੁੜੇ ਹੱਕ ਮਜ਼ਬੂਤ ਕਰਨ ਦਾ ਮੌਕਾ ਮਿਲ ਰਿਹਾ ਹੈ।
ਗਿਆਸਪੁਰਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਵੱਲੋਂ ਵੀ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦਿਵਾਉਣ ਦਾ ਵਾਅਦਾ ਕੀਤਾ ਗਿਆ ਸੀ। ਗਿਆਸਪੁਰਾ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਮਸਲੇ ਨੂੰ ਲੈ ਕੇ ਸਿਰਫ਼ ਸਿਆਸਤ ਕੀਤੀ, ਜਦਕਿ ਹੁਣ ਮਾਨ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਿਜਾਮਪੁਰ ਦੇ 162 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮਿਲਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਦੀ ਇਹ ਪਹਿਲਕਦਮੀ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਲਾਭਪਾਤਰੀਆਂ ਤੱਕ ਪਹੁੰਚ ਰਹੀ ਹੈ। ਪੰਜਾਬ ਵਿੱਚ ਇਸ ਸਕੀਮ ਤਹਿਤ ਲਾਲ ਲਕੀਰ ਵਾਲੀਆਂ ਜਾਇਦਾਦਾਂ ਦੇ ਹੱਕ ਦਰਜ ਕਰਨ ਲਈ ਸਰਵੇਖਣ ਅਤੇ ਰਿਕਾਰਡ ਆਫ਼ ਰਾਈਟਸ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
- Download Babushahi App
-
-