SGPC ਚੋਣਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ 'ਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਗੰਭੀਰ : CM Mann
Ravi Jakhu
ਚੰਡੀਗੜ੍ਹ, 6 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਬਟਾਲਾ ਵਿੱਚ ਚੱਲ ਰਹੇ 'ਧਰਮ ਯੁੱਧ ਮੋਰਚੇ' ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਇੱਕ ਉੱਚ-ਪੱਧਰੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਿੱਖ ਪੰਥ ਨਾਲ ਜੁੜੇ ਗੰਭੀਰ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਵੱਖ-ਵੱਖ ਮਸਲਿਆਂ 'ਤੇ ਵਿਸਥਾਰਪੂਰਵਕ ਅਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ 'ਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਦਿਸ਼ਾ ਵਿੱਚ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਲਈ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਜਾਂਚ ਪ੍ਰਕਿਰਿਆ ਜਲਦ ਪੂਰੀ ਕਰਕੇ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ, ਨਿਰਪੱਖ ਅਤੇ ਢੁੱਕਵੇਂ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
- Download Babushahi App
-
-