ਵਕਫ਼ ਐਕਟ ਸੋਧ ਬਿਲ : ਸੁਪਰੀਮ ਕੋਰਟ ਨੇ ਸਰਕਾਰ ਨੂੰ ਦੇ ਦਿੱਤਾ ਇਹ ਹੁਕਮ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਵਕਫ਼ ਐਕਟ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ।
ਸੀਜੇਆਈ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਿਹਾ ਹੈ। ਦੱਸ ਦੇਈਏ ਕਿ ਨਵੇਂ ਵਕਫ਼ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿੱਚ 70 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪਟੀਸ਼ਨਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੋਧੇ ਹੋਏ ਕਾਨੂੰਨ ਦੇ ਤਹਿਤ, ਵਕਫ਼ ਜਾਇਦਾਦਾਂ ਦਾ ਪ੍ਰਬੰਧਨ ਗਲਤ ਢੰਗ ਨਾਲ ਕੀਤਾ ਜਾਵੇਗਾ ਅਤੇ ਇਹ ਕਾਨੂੰਨ ਮੁਸਲਮਾਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।
ਸੁਣਵਾਈ ਸ਼ੁਰੂ ਹੋਈ, ਕੇਂਦਰ ਸਰਕਾਰ ਵੱਲੋਂ ਦਲੀਲਾਂ ਪੇਸ਼ ਕਰਦੇ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪਾਬੰਦੀ ਲਗਾਉਣ ਦਾ ਕੋਈ ਆਧਾਰ ਨਹੀਂ ਹੈ। ਸਰਕਾਰ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਸਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਅਦਾਲਤ ਦੇ ਸਵਾਲਾਂ ਦੇ ਜਵਾਬ ਦੇ ਸਕੇ।
ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵਕਫ਼ ਐਕਟ 'ਤੇ ਕੇਂਦਰ ਸਰਕਾਰ ਨੂੰ 7 ਦਿਨਾਂ ਦਾ ਸਮਾਂ ਦਿੱਤਾ। ਕੇਂਦਰ ਨੂੰ ਇੱਕ ਹਫ਼ਤੇ ਦੇ ਅੰਦਰ ਇਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਕੇਂਦਰ ਦਾ ਜਵਾਬ ਆਉਣ ਤੱਕ ਵਕਫ਼ ਜਾਇਦਾਦ ਦੀ ਸਥਿਤੀ ਜਿਉਂ ਦੀ ਤਿਉਂ ਰਹੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਕੋਈ ਨਵੀਂ ਨਿਯੁਕਤੀ ਨਹੀਂ ਹੋਵੇਗੀ।
Click to Follow Babushahi Facebook page →