ਸੰਜੀਵ ਜਿੰਦਲ
ਮਾਨਸਾ 24 ਅਪ੍ਰੈਲ 2021 : ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਅੱਜ ਸਿਵਲ ਸਰਜਨ ਮਾਨਸਾ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਹੈਲਥ ਐਂਡ ਵੈਲਨੈਸ ਸੈਂਟਰ ਗੁਰਨੇ ਕਲਾਂ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਅਫਵਾਹਾਂ ਤੇ ਵਿਸ਼ਵਾਸ ਨਾ ਕਰਕੇ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਸਿਹਤ ਸੁਰੱਖਿਆ ਲਈ ਲੋਕਾਂ ਨੂੰ ਖ਼ੁਦ-ਬਖੁਦ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਸਿਹਤ ਕਰਮਚਾਰੀ ਰਜਨੀ ਜੋਸ਼ੀ ਨੇ ਦੱਸਿਆ ਕਿ ਟੀਕਾਕਰਨ ਦਾ ਕੋਈ ਸਾਈਡ ਇਫੈਕਟ ਨਹੀਂ ਹੈ । ਕੇਵਲ ਹਲਕਾ ਬੁਖਾਰ ਹੋ ਸਕਦਾ ਹੈ ਜਿਸ ਵਾਸਤੇ ਟੀਕਾਕਰਨ ਦੇ ਨਾਲ ਹੀ ਦਵਾਈ ਦੇ ਦਿੱਤੀ ਜਾਂਦੀ ਹੈ। ਇਸ ਕੈਂਪ ਵਿੱਚ ਪਿੰਡ ਵਾਸੀਆਂ ਅਤੇ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਜੰਟ ਸਿੰਘ, ਕਾਲਾ ਸਿੰਘ ਪੰਚਾਇਤ ਮੈਂਬਰ, ਗੁਰਚਰਨ ਸਿੰਘ, ਜਸਵੀਰ ਕੌਰ ਆਸ਼ਾ ਵਰਕਰ, ਬੇਅੰਤ ਕੌਰ ਆਸ਼ਾ ਵਰਕਰ. ਜਗਪਾਲ ਕੌਰ ਆਸ਼ਾ ਵਰਕਰ, ਸਵਰਨਜੀਤ ਕੌਰ ਆਸ਼ਾ ਵਰਕਰ, ਸਰੂਪ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |