ਡੀਸੀ ਮੁਕਤਸਰ ਨੇ ਆਨਲਾਈਨ ਮੀਟਿੰਗ ਕਰਕੇ ਜ਼ਿਲ੍ਹੇ ’ਚ ਕੋਰੋਨਾ ਦਾ ਜਾਇਜ਼ਾ ਲਿਆ, ਹਦਾਇਤਾਂ ਕੀਤੀਆਂ ਜਾਰੀ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 14 ਮਈ 2021-ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨ ਲਾਇਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਲਾਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆ ਨੂੰ ਨਵੇਂ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਬੀਡੀਪੀਓਜ਼ ਅਤੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਨਗਰ ਕੌਸਲਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਆਪ ਨੂੰ ਕੋਰੋਨਾ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚੱਲਦਿਆਂ ਕਿਸੇ ਵੀ ਸਬਜ਼ੀ, ਫਲ ਵੇਚਣ ਵਾਲਿਆਂ ਤੋਂ ਇਲਾਵਾ ਜਰੂਰੀ ਕਰਿਆਣਾ ਦਾ ਸਮਾਨ ਵੇਚਣ ਵਾਲਿਆਂ ਨੂੰ ਨਜਾਇਜ਼ ਤੌਰ ’ਤੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਨਿਰਧਾਰਿਤ ਰੇਟਾਂ ਤੋਂ ਵੱਧ ਰੇਟ ’ਤੇ ਸਮਾਨ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਵਿਅਕਤੀ ਨੇ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਲਗਵਾਉਣ ਦੇ ਬਾਵਜੂਦ ਵੀ ਕੋਰੋਨਾ ਪਾਜ਼ੇਟਿਵ ਆ ਜਾਂਦਾ ਹੈ ਤਾਂ ਉਸਨੂੰ 17 ਦਿਨਾਂ ਦੀ ਬਜਾਏ 10 ਦਿਨਾਂ ਲਈ ਘਰ ਵਿੱਚ ਹੀ ਇਕਾਂਤਵਾਸ ਰਹਿਣ ਪਵੇਗਾ। ਉਨ੍ਹਾਂ ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਵਿੱਚ ਤਾਇਨਾਤ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਸੰਪਰਕ ਕੀਤਾ ਜਾਂਦਾ ਹੈ ਤਾਂ ਉਸਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇ। ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ ’ਤੇ ਬਣਾਏ ਕੰਟਰੋਲ ਰੂਮ ਨਾਲ ਨਿਰੰਤਰ ਸੰਪਰਕ ਰੱਖਿਆ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।