ਅਧਿਆਪਕ ਸਾਂਝਾ ਮੋਰਚਾ ਵੱਲੋਂ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਦਾ ਘਿਰਾਓ
ਪਟਿਆਲਾ, 18 ਜੁਲਾਈ 2021 - ਪੰਜਾਬ ਸਰਕਾਰ ਵੱਲੋਂ ਜਾਰੀ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਚ ਤਰੁੱਟੀਆਂ ਦੂਰ ਕਰਨ ਦੀ ਮੰਗ ਲਈ ਅਧਿਆਪਕ ਸਾਂਝਾ ਮੋਰਚਾ ਪੰਜਾਬ ਯੂੁਟੀ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵੱਲੋਂ ਵਾਈਪੀਐਸ ਚੌਕ ਚ ਧਰਨਾ ਲਗਾ ਲਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਛੇਵੇਂ ਪੇ ਕਮਿਸ਼ਨ ਵਿਚ ਬਹੁਤ ਜ਼ਿਆਦਾ ਮੁਲਾਜ਼ਮ ਵਿਰੋਧੀ ਤਰੁੱਟੀਆਂ ਪਾਈਆਂ ਗਈਆਂ ਹਨ ਜਿਸ ਕਾਰਨ ਇਸ ਛੇਵੇਂ ਪੇਅ ਕਮਿਸ਼ਨ ਨਾਲ ਜੋ ਫ਼ਾਇਦਾ ਮੁਲਾਜ਼ਮਾਂ ਨੂੰ ਮਿਲਣਾ ਚਾਹੀਦਾ ਸੀ, ਉਹ ਵੀ ਨਹੀਂ ਮਿਲ ਸਕੇਗਾ। ਸਰਕਾਰ ਵੱਲੋਂ ਜਾਰੀ ਰਿਪੋਰਟ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਕਮਿਸ਼ਨ ਦੀ ਰਿਪੋਰਟ 'ਚ ਤਰੁੱਟੀਆਂ ਨੂੰ ਦੂਰ ਕੀਤਾ ਜਾਵੇ। ਜਦੋਂ ਤਕ ਇਨ੍ਹਾਂ ਤਰੁੱਟੀਆਂ ਨੂੰ ਦੂਰ ਨਹੀਂ ਕੀਤਾ ਜਾਂਦਾ ਉਦੋਂ ਤਕ ਉਹ ਸੰਘਰਸ਼ ਕਰਦੇ ਰਹਿਣਗੇ ।