ਐੱਸ.ਐੱਮ.ਓ. ਡਾ. ਗੀਤਾਂਜਲੀ ਸਿੰਘ ਸਮੇਤ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ
ਨਵਾਂਸ਼ਹਿਰ, ਬਾਬੂਸ਼ਾਹੀ ਨੈੱਟਵਰਕ, 17 ਸਤੰਬਰ 2021:- ਸਥਾਨਕ ਪਿੰਡ ਸ਼ੇਖਾ ਮਜ਼ਾਰਾ ਦੀ ਪੰਚਾਇਤ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਵਿੱਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਅਤੇ ਬਲਾਕ ਐਜੂਕੇਟਰ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ।
ਜਾਣਕਾਰੀ ਮੁਤਾਬਕ ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਲਟੀਪਰਪਜ ਹੈਲਥ ਵਰਕਰ ਪਰਮਜੀਤ ਸਿੰਘ, ਅਧਿਆਪਕ ਸੰਜੀਵ ਕੁਮਾਰ, ਸਰਪੰਚ ਸੱਤਿਆ ਦੇਵੀ, ਏ.ਐਨ.ਐਮ. ਕਮਲਾ ਦੇਵੀ, ਬਲਜੀਤ ਕੌਰ, ਨਵਜੋਤ ਸਿੰਘ ਦਿਓ, ਸੋਮਨਾਥ, ਆਸ਼ਾ ਰਾਣੀ, ਕੁਲਵਿੰਦਰ ਕੈਂਥ, ਪੰਚਾਇਤ ਮੈਂਬਰ ਅਤੇ ਆਸ਼ਾ ਵਰਕਰ ਸੁਦੇਸ਼ ਕੁਮਾਰੀ ਤੇ ਮਾਸਟਰ ਰੇਸ਼ਮ ਲਾਲ ਆਦਿ ਸ਼ਾਮਲ ਸਨ।
ਇਸ ਮੌਕੇ ਪਿੰਡ ਦੇ ਮੋਹਤਬਰਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਪਿੰਡ ਵਿੱਚ ਟੀਕਾਕਰਨ ਦੇ ਕੀਤੇ ਗਏ ਕੰਮਕਾਜ ਦੀ ਕਾਫੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ ਜੋ ਕਾਬਲੇ ਤਾਰੀਫ਼ ਹੈ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਉਨਾਂ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਜਿਨਾਂ ਨੇ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ। ਉਨ੍ਹਾਂ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਮ ਕਰਨ ਲਈ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕੋਰੋਨਾ ਦੀ ਰੋਕਥਾਮ 'ਚ ਸਿਹਤ ਵਿਭਾਗ ਨੇ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ, ਇਸ ਗੱਲ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ।