ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 17 ਸਤੰਬਰ 2021- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖੇਤਰੀ ਦਫਤਰ ਫਰੀਦਕੋਟ ਵੱਲੋਂ ਜਾਗਰੂਕਤਾ ਵੈਨ ਚਲਾਈ ਗਈ ਹੈ, ਜਿਸ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਸ਼ੀਨਰੀ ਦਾ ਲਾਭ ਲੈਂਦੇ ਹੋਏ ਪਰਾਲੀ ਦਾ ਯੋਗ ਨਿਬੇੜਾ ਕਰਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਜਾਗਰੂਕਤਾ ਵੈਨ ਲਗਭਗ 2 ਮਹੀਨੇ ਚਲਾਈ ਜਾਵੇਗੀ, ਜੋ ਜ਼ਿਲੇ ਦੇ ਸਾਰੇ ਪਿੰਡਾਂ ਵਿਚ ਜਾਵੇਗੀ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਵੇਗੀ।
ਇਸ ਮੌਕੇ ਇੰਜੀਨੀਅਰ ਰਮਨਦੀਪ ਸਿੰਘ ਸਿੱਧੂ ਐਕਸੀਅਨ, ਇੰਜੀਨੀਅਰ ਅਨੀਸ਼ ਸ਼ਰਮਾ ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ।