ਸੱਤਾ ਬਦਲਦਿਆਂ ਆਂਗਣਵਾੜੀ ਮੁਲਾਜ਼ਮਾਂ ਨੇ ਰੋਸ ਰੈਲੀ ਦੀ ਤਰੀਕ ਪਹਿਲਾਂ ਕੀਤੀ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ ,23ਸਤੰਬਰ2021-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ 4 ਅਕਤੂਬਰ ਨੂੰ ਮੋਹਾਲੀ ’ਚ ਰੱਖੀ ਵੱਡੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਹੁਣ ਪਹਿਲੀ ਅਕਤੂਬਰ ਦਾ ਕਰ ਦਿੱਤਾ ਹੈ। ਹੁਣ ਜਦੋਂ ਪੰਜਾਬ ’ਚ ਬਣੀ ਨਵੀਂ ਸਰਕਾਰ ਨੇ ਸਮੇਂ ਦੀ ਘਾਟ ਕਾਰਨ ਜਲਦੀ ਜਲਦੀ ਫੈਸਲੇ ਲੈਣੇ ਸ਼ੁਰੂ ਕੀਤੇ ਹਨ ਤਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵਿਧਾਨ ਸਭਾ ਅੱਗੇ ਪੁੱਜ ਕੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਲਲਕਾਰਨ ਦੀ ਨੀਤੀ ’ਚ ਤਬਦੀਲੀ ਕੀਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਪੰਜਾਬ ਭਰ ’ਚ ਲਾਮਬੰਦੀ ਦਾ ਦੌਰ ਚਲਾਇਆ ਜਾ ਰਿਹਾ ਹੈ ਤਾਂ ਜੋ ਇਸ ਸੂਬਾ ਪੱਧਰੀ ਰੈਲੀ ’ਚ ਫੈਸਲਾਕੁੰਨ ਇਕੱਠ ਕੀਤਾ ਜਾ ਸਕੇ।
ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਦੱਸਿਆ ਕਿ ਹਜਾਰਾਂ ਦੀ ਤਦਾਦ ’ਚ ਵਰਕਰਾਂ ਅਤੇ ਹੈਲਪਰਾਂ ਪੰਜਾਬ ਸਕੂਲ ਸਿੱਖਿਆ ਬੋਰਡ ਦਫਤਰ ਮੋਹਾਲੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਇਸ ਦਫਤਰ ਦਾ ਘਿਰਾਓ ਕੀਤਾ ਜਾਵੇਗਾ । ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਜਾਣਗੀਆਂ ਤੇ ਨਵੀਂ ਪੰਜਾਬ ਸਰਕਾਰ ਨੂੰ ਹਲੂਣਿਆ ਜਾਏਗਾ । ਉਹਨਾਂ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਰਾਹੀਂ ਮਸਲਾ ਨਿਬੇੜਨਾ ਚਾਹੁੰਦੀਆਂ ਸਨ ਇਹ ਤਾਂ ਸਰਕਾਰ ਦੀਆਂ ਵਾਅਦਾਖਿਲਾਫੀਆਂ ਨੇ ਉਨ੍ਹਾਂ ਨੂੰ ਮਜਬੂਰ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦਾ ਵਿਰੋਧ ਕਰਕੇ ਹਾਕਮ ਧਿਰ ਨੂੰ ਸਿਆਸੀ ਸੱਟ ਮਾਰੀ ਜਾਏਗੀ ।
ਹਰਗੋਬਿੰਦ ਕੌਰ ਨੇ ਪ੍ਰੀਪ੍ਰਾਇਮਰੀ ਕਲਾਸਾਂ ’ਚ ਦਾਖਲ ਕੀਤੇ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ, ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਦੇਣ, ਜਦੋਂ ਤੱਕ ਇਹ ਸੰਭਵ ਨਹੀਂ ਉਦੋਂ ਤੱਕ ਘੱਟੋ-ਘੱਟ ਉਜਰਤਾਂ ਨੂੰ ਮੁੱਖ ਰੱਖਦਿਆਂ ਵਰਕਰ ਨੂੰ 24 ਹਜਾਰ ਰੁਪਏ ਅਤੇ ਹੈਲਪਰ ਨੂੰ 18 ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਦਾ ਕਰਨ ਅਤੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਹਰਿਆਣਾ ਪੈਟਰਨ ਤੇ ਜਾਰੀ ਕਰਨ ਦੀ ਮੰਗ ਕੀਤੀ। ਉਹਨਾਂ ਚਿਤਾਵਨੀ ਦਿੱਤੀ ਕਿ ਵਰਕਰਾਂ ਤੇ ਹੈਲਪਰਾਂ ਦੀਆਂ 14 ਸੂਤਰੀ ਮੰਗ ਪੱਤਰ ’ਚ ਦਰਜ ਮੰਗਾਂ ਦਾ ਹੱਲ ਹੋਣ ਤੱਕ ਪੰਜਾਬ ਸਰਕਾਰ ਖਿਲਾਫ ਸੰਘਰਸ਼ ਜਾਰੀ ਰੱਖਿਆ ਜਾਏਗਾ।