ਰੂਪਨਗਰ- ਨੰੰਗਲ ਰੇਲਵੇ ਟਰੈਕ ਨੂੰ ਕਿਸਾਨਾਂ ਨੇ ਕੀਤਾ ਜਾਮ, ਰੇਲ ਆਵਾਜਾਈ ਠੱਪ
ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ
ਬਾਬੂਸ਼ਾਹੀ ਨੈੱਟਵਰਕ
ਰੂਪਨਗਰ, 18 ਅਕਤੂਬਰ 2021- ਸੰਯੁਕਤ ਕਿਸਾਨ ਮੋਰਚਾ ਵਲੋਂ ਲਖੀਮਪੁਰ ਹਾਦਸੇ ਦੇ ਮਾਮਲੇ ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਨੰ ਲੈ ਕੇ ਰੇਲ ਰੋਕੋ ਪ੍ਰੋਗਰਾਮ ਦੇ ਤਹਿਤ ਰੂਪਨਗਰ ਵਿਖੇ ਰੇਲ ਆਵਾਜਾਈ ਰੋਕੀ ਗਈ। ਨੰਗਲ ਚੌਕ ਰੂਪਨਗਰ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਤੇ ਧਰਨਾ ਦਿੱਤਾ ਅਤੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ, ਗੁਰਨਾਮ ਸਿੰਘ ਜੱਸਡ਼ਾ, ਪ੍ਰਗਟ ਸਿੰਘ ਰੋਲੂਮਾਜਰਾ, ਗੁਰਮੇਲ ਸਿੰਘ ਬਾਡ਼ਾ, ਕੁਲਵੰਤ ਸਿੰਘ ਸੈਣੀ, ਕੁਲਵਿੰਦਰ ਸਿੰਘ ਪੰਜੋਲਾ, ਦਲੀਪ ਸਿੰਘ ਘਨੌਲਾ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕਰਨ ਤੋਂ ਬਿਨਾਂ ਲਖੀਮਪੁਰ ਕਾਂਡ ਦੀ ਪੂਰੀ ਸੱਚਾਈ ਸਾਹਮਣੇ ਨਹੀਂ ਆ ਸਕਦੀ।
ਇਸ ਲਈ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਜੈ ਮਿਸ਼ਰਾ ਦਾ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਬੇਸ਼ੱਕ ਪੁਲਿਸ ਗ੍ਫਤਾਰ ਕਰ ਚੁੱਕੀ ਹੈ ਪਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਨਾ ਕਰਕੇ ਮੋਦੀ ਸਰਕਾਰ ਦੋਸ਼ੀਆਂ ਦਾ ਪੱਖ ਪੂਰ ਰਹੀ ਹੈ, ਜਿਸ ਨਾਲ ਸਾਫ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਹੱਤਿਆ ਕਰਨ ਵਾਲਿਆਂ ਨੂੰ ਬਚਾਅ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜੋ ਵੀ ਅਗਲਾ ਪ੍ਰੋਗਰਾਮ ਦਿੱਤਾ ਜਾਏਗਾ, ਉਸ ਨੂੰ ਪੂਰਾ ਕੀਤਾ ਜਾਏਗਾ।