ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਦਿੱਤਾ ਜ਼ੋਰ
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਬਾਬੂਸ਼ਾਹੀ ਨੈੱਟਵਰਕ
ਜਲੰਧਰ, 19 ਅਕਤੂਬਰ 2021- ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਹੋਰਨਾਂ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਜ਼ੋਰ ਦਿੰਦਿਆਂ ਇਲੈਕਟੋਰਲ ਰੋਲ ਹੈਲਥ (ELECTORAL ROLL HEALTH) ਵਿੱਚ ਸੁਧਾਰ ਲਈ ਮਰ ਚੁੱਕੇ/ਸ਼ਿਫਟ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਕੱਟਣ ਸਬੰਧੀ ਹਦਾਇਤ ਕੀਤੀ।
ਉਨ੍ਹਾਂ ਹਰੇਕ ਪੋਲਿੰਗ ਸਟੇਸ਼ਨ 'ਤੇ ਬੀ.ਐਲ.ਓ. ਦੀ ਨਿਯੁਕਤੀ ਕਰਨ ਤੋਂ ਇਲਾਵਾ ਉਨ੍ਹਾਂ ਦੇ ਮੋਬਾਇਲ ਫੋਨ ਵਿੱਚ ਗਰੁੜਾ ਐਪ (GARUDA APP) ਡਾਊਨਲੋਡ ਕਰਵਾਉਣ ਅਤੇ ਇਸ ਦੀ ਵਰਤੋਂ ਕਰਨ ਸਬੰਧੀ ਸਮੂਹ ਬੀ.ਐਲ.ਓਜ਼ ਨੂੰ ਸਿਖਲਾਈ ਦੇਣ 'ਤੇ ਜ਼ੋਰ ਦਿੱਤਾ ਤਾਂ ਜੋ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ 18-19 ਸਾਲ ਉਮਰ ਗਰੁੱਪ ਦੇ ਨੌਜਵਾਨ ਵਰਗ ਦੀਆਂ ਵੋਟਾਂ ਬਣਾਉਣ ਲਈ ਹਲਕਾ ਪੱਧਰ ਅਤੇ ਬੂਥ ਪੱਧਰ 'ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣ ।
ਇਸ ਤੋਂ ਇਲਾਵਾ ਸਪੈਸ਼ਲ ਸਮਰੀ ਰਵੀਜ਼ਨ 01-01-2022 ਦੌਰਾਨ 6 ਤੇ 7 ਨਵੰਬਰ 2021 ਅਤੇ 20 ਤੇ 21 ਨਵੰਬਰ 2021 ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਬੀ.ਐਲ.ਓਜ਼ ਨੂੰ ਆਪਣੇ ਪੋਲਿੰਗ ਬੂਥਾਂ 'ਤੇ ਬੈਠ ਕੇ ਨੌਜਵਾਨ ਵਰਗ ਦੀਆਂ ਵੋਟਾਂ ਬਣਾਉਣ ਸਬੰਧੀ ਫਾਰਮ 6 ਭਰਵਾਏ ਜਾਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹੇ ਵਿੱਚ ਨੌਜਵਾਨ ਵੋਟਰ ਰਜਿਸਟ੍ਰੇਸ਼ਨ ਨੂੰ ਹੋਰ ਵਧਾਇਆ ਜਾ ਸਕੇ।