ਕਿਸਾਨਾਂ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਅਤੇ ਕਰਜ਼ਾ ਮੁਆਫ਼ੀ ਲਈ ਡੀਸੀ ਦਫ਼ਤਰ ਅੱਗੇ ਧਰਨਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 19 ਅਕਤੂਬਰ, 2021: ਦਿੱਲੀ ਦੇ ਟਿੱਕਰੀ ਬਾਰਡਰ ’ਤੇ ਸ਼ਹੀਦ ਹੋਏ ਪਿੰਡ ਉਭਾਵਾਲ ਦੇ ਨੌਜਵਾਨ ਕਿਸਾਨ ਵਰਿੰਦਰ ਸਿੰਘ ਦੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਅਤੇ ਕਰਜ਼ਾ ਮੁਆਫ਼ੀ ਲਈ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਸੰਗਰੂਰ ਅੱਗੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ।
ਇਸ ਮੌਕੇ ਧਰਨਾਕਾਰੀ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਕੱਲ੍ਹ ਤੋਂ ਕਿਸਾਨ ਦੀ ਮ੍ਰਿਤਕ ਦੇਹ ਸਥਾਨਕ ਸਿਵਲ ਹਸਪਤਾਲ ਵਿੱਚ ਪਈ ਸੀ।
ਕਿਸਾਨ ਨੇਤਾ ਜਗੀਰ ਸਿੰਘ ਉਭਾਵਾਲ ਨੇ ਦੱਸਿਆ ਕਿ ਪਿੰਡ ਉਭਾਵਾਲ ਦਾ ਵਸਨੀਕ ਕਿਸਾਨ ਵਰਿੰਦਰ ਸਿੰਘ ਦਿੱਲੀ ਦੇ ਟਿਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਸੀ, ਜੋ 17 ਅਕਤੂਬਰ ਨੂੰ ਸ਼ਹੀਦ ਹੋ ਗਿਆ ਸੀ, ਕੱਲ੍ਹ ਉਸ ਕਿਸਾਨ ਦੀ ਦੇਹ ਦਿੱਲੀ ਤੋਂ ਸਿਵਲ ਹਸਪਤਾਲ ਸੰਗਰੂਰ ਲਿਆਂਦੀ ਗਈ ਸੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪੀੜ੍ਹਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਦੀਆਂ ਤਿੰਨੋਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਲੋਂ ਤਹਿਸੀਲਦਾਰ ਰੋਸ਼ ਧਰਨੇ ’ਚ ਪੁੱਜੇ ਜਿਨ੍ਹਾਂ ਨੇ ਧਰਨਾਕਾਰੀ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿਵਾਇਆ, ਜਿਸ ਮਗਰੋਂ ਧਰਨਾ ਸਮਾਪਤ ਹੋਇਆ। ਕਿਸਾਨਾਂ ਨੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਲਿਆ।
ਇਸ ਮੌਕੇ ਕਿਸਾਨ ਆਗੂ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਹਰਦੇਵ ਸਿੰਘ ਕੁਲਾਰਾਂ, ਜਗੀਰ ਸਿੰਘ, ਪਰਗਟ ਸਿੰਘ ਗਿੱਲ, ਰਣਧੀਰ ਸਿੰਘ, ਜਗਮੇਲ ਸਿੰਘ, ਸਿੰਦਰਪਾਲ ਸਿੰਘ, ਸੁਖਦੇਵ ਸਿੰਘ ਕਿਰਤੀ ਕਿਸਾਨ ਯੂਨੀਅਨ ਸ਼ਾਮਲ ਸਨ।