ਹਾਈਕੋਰਟ ਨੇ ਰਾਮ ਰਹੀਮ ਨੂੰ ਫਰੀਦਕੋਟ 'ਚ ਪੇਸ਼ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ 'ਤੇ ਲਾਈ ਰੋਕ
- ਐਸ ਆਈ ਟੀ ਨੂੰ ਜੇਲ੍ਹ 'ਚ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ, 28 ਅਕਤੂਬਰ, 2021 - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਦੇ ਇੱਕ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣ 'ਤੇ ਰੋਕ ਲਗਾ ਦਿੱਤੀ ਹੈ।
ਅਦਾਲਤ ਦੇ ਫੈਸਲੇ ਬਾਰੇ ਦੱਸਦਿਆਂ ਉਨ੍ਹਾਂ ਦੀ ਵਕੀਲ ਐਡਵੋਕੇਟ ਕਨਿਕਾ ਨੇ ਕਿਹਾ ਕਿ ਅਦਾਲਤ ਨੇ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਵਿੱਚ ਲਿਆਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਐਸ ਆਈ ਟੀ ਨੂੰ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਹੈ।
ਐਡਵੋਕੇਟ ਇਹ ਵੀ ਕਿਹਾ ਕਿ ਐਸ ਆਈ ਟੀ ਨੇ ਫਰੀਦਕੋਟ ਅਦਾਲਤ ਵਿੱਚ ਆਪਣੀ ਅਰਜ਼ੀ ਵਿੱਚ ਵਿਸ਼ੇਸ਼ ਤੌਰ 'ਤੇ ਲਿਖਿਆ ਹੈ ਕਿ ਉਹ ਉਸਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਕਿਉਂਕਿ ਉਹ ਪਹਿਲਾਂ ਹੀ ਜੇਲ੍ਹ ਵਿੱਚ ਸੀ, ਉਸ ਦੀ ਗ੍ਰਿਫ਼ਤਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਐਡਵੋਕੇਟ ਨੇ ਅਦਾਲਤ ਦੀ ਸੁਣਵਾਈ ਦੌਰਾਨ ਰਾਮ ਰਹੀਮ ਦੀ ਸਿਹਤ ਅਤੇ ਸੁਰੱਖਿਆ ਸੰਬੰਧੀ ਸਵਾਲਾਂ ਦਾ ਵੀ ਹਵਾਲਾ ਦਿੱਤਾ।