ਦਿੱਲੀ ਮੋਰਚੇ ਦੌਰਾਨ ਬੁੱਢਾ ਦਲ ਨੇ ਕੀਤੀ ਪੰਥਕ ਰਵਾਇਤਾਂ ਦੀ ਪਹਿਰੇਦਾਰੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਜਗਤਾਰ ਸਿੰਘ
- ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੁੱਢਾ ਦੇ ਮੁਖੀ ਨਾਲ ਮੁਲਾਕਾਤ
- ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਸਨਮਾਨਤ
ਪਟਿਆਲਾ 12 ਦਸੰਬਰ 2021 - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਬੁੱਢਾ ਦਲ ਨੇ ਪੰਥਕ ਰਵਾਇਤਾਂ ਦੀ ਪਹਿਰੇਦਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਦੌਰਾਨ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਹ ਪ੍ਰਗਟਾਵਾ ਬਗੀਚੀ ਬੁੱਢਾ ਦਲ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਦੌਰਾਨ ਕੀਤਾ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨਾਲ ਦੀਰਘ ਵਿਚਾਰਾਂ ਕੀਤੀਆਂ ਅਤੇ ਫੈਸਲਾ ਕੀਤਾ ਗਿਆ ਪੰਥਕ ਕਾਰਜਾਂ ਵਿਚ ਬੁੱਢਾ ਦਲ ਸ਼ੋ੍ਰਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਦੇਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਸ਼ਹੀਦੀ ਪੁਰਬ ਮੌਕੇ ਨਗਰ ਕੀਰਤਨ ਜਾਹੋ-ਜਲਾਲ ਨਾਲ ਸਜਾਇਆ ਜਾਵੇਗਾ ਅਤੇ ਬੁੱਢਾ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ’ਚ ਨਿਹੰਗ ਸਿੰਘ ਘੋੜ ਸਵਾਰਾਂ ਨਾਲ ਸ਼ਿਰਕਤ ਕਰਨਗੇ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਰਹੱਦਾਂ ’ਤੇ ਸ਼ੋ੍ਰਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰਾਂ ਅਤੇ ਪ੍ਰਬੰਧ ਦੌਰਾਨ ਬੁੱਢਾ ਦਲ ਨੇ ਵੱਡਮੁੱਲਾ ਯੋਗਦਾਨ ਪਾਇਆ ਅਤੇ ਨਿਹੰਗਾਂ ਨੇ ਨਿਰਵਿਘਨ ਸੇਵਾਵਾਂ ਦੇ ਕੇ ਪੰਥਕ ਰਵਾਇਤਾਂ ਦੀ ਪਹਿਰੇਦਾਰੀ ਕੀਤੀ, ਜੋ ਸ਼ਲਾਘਾਯੋਗ ਉਦਮ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਹੱਕ ਸੱਚ ’ਤੇ ਪਹਿਰਾ ਦੇ ਕੇ ਸੰਘਰਸ਼ ਜਿੱਤਿਆ ਅਤੇ ਇਸ ਦੌਰਾਨ ਕਿਸਾਨ ਭਰਾਵਾਂ ਲਈ ਸ਼ੋਮਣੀ ਕਮੇਟੀ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਜਾਤ-ਪਾਤ ’ਤੇ ਉਪਰ ਉਠ ਕੇ ਫਰਜ਼ਾਂ ਦੀ ਪਹਿਰੇਦਾਰੀ ਕੀਤੀ ਅਤੇ ਕਰਦੀ ਰਹੇਗੀ। ਬੁੱਢਾ ਦਲ ਦੀ ਬਗੀਚੀ ਪੁੱਜੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਵੀਰ ਸਿੰਘ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬਾਬਾ ਵਿਸ਼ਵਜੀਤ ਸਿੰਘ ਆਦਿ ਹਾਜ਼ਰ ਸਨ।