ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਬਚਾਉਣ ਅਤੇ ਖੇਤੀ ਖਰਚੇ ਘਟਾਉਣ - ਡਾ਼ ਪਰਮਿੰਦਰ ਕੁਮਾਰ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ 4 ਮਈ 2022- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾਡ਼ੀ ਅਫਸਰ ਡਾ ਸੁਰਿੰਦਰ ਕੁਮਾਰ ਵਿਰਦੀ ਦੀ ਰਹਿਨੁਮਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਕੁਮਾਰ ਖੇਤੀਬਾਡ਼ੀ ਵਿਸਥਾਰ ਅਫਸਰ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ ।ਪਰਮਿੰਦਰ ਕੁਮਾਰ ਖੇਤੀਬਾਡ਼ੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸੀਜ਼ਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਧਰਤੀ ਵਿਚ ਪਾਣੀ ਦੇ ਡੂੰਘੇ ਜਾ ਰਹੇ ਪੱਧਰ ਨੂੰ ਰੋਕਿਆ ਜਾ ਸਕੇ ਅਤੇ ਖੇਤੀ ਖ਼ਰਚੇ ਵੀ ਘਟਾਏ ਜਾ ਸਕਣ ।ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਨਾਲ ਝੋਨਾ ਬੀਜਣ ਨਾਲ ਤਕਰੀਬਨ 4000/- ਰੁਪਏ ਪ੍ਰਤੀ ਏਕੜ ਲੇਬਰ ਦੀ ਬੱਚਤ ਹੁੰਦੀ ਹੈ ਅਤੇ 25%ਤੋਂ 35% ਤੱਕ ਪਾਣੀ ਦੀ ਬੱਚਤ ਵੀ ਹੁੰਦੀ ਹੈ।
ਇਸ ਮੌਕੇ ਤੇ ਪਰਮਿੰਦਰ ਕੁਮਾਰ ਏ ਈ ਓ ਜਸਪਾਲ ਸਿੰਘ ਏਡੀਓ ਗੁਰਵਿੰਦਰ ਸਿੰਘ ਏਈਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਤੁਰੰਤ ਆਪਣੇ ਨਾਮ ਖੇਤੀਬਾੜੀ ਦਫਤਰ ਸੁਲਤਾਨਪੁਰ ਲੋਧੀ ਵਿਚ ਦਰਜ ਕਰਵਾਉਣ ਤਾਂ ਜੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿਚ ਸਪੈਸ਼ਲ ਟ੍ਰੇਨਿੰਗ ਕੈਂਪ ਲਗਾ ਕੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਦੀ ਵੈਰੀਫਿਕੇਸ਼ਨ ਕਰਨਉਪਰੰਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ 1500/-ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵਧੇਰੇ ਰੇਤਲੀਆਂ ਅਤੇ ਕੱਲਰ ਵਾਲੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫ਼ਾਰਸ਼ ਨਹੀਂ ਹੈ । ਇਸ ਮੌਕੇ ਤੇ ਪਰਦੀਪ ਕੌਰ ਏਟੀਐਮ ਮਨਜਿੰਦਰ ਸਿੰਘ ਏਟੀਐਮ ਯਾਦਵਿੰਦਰ ਸਿੰਘ ਬੀਟੀਐੱਮ ਹਰਜੋਧ ਸਿੰਘ ਏਟੀਐੱਮ ਅਤੇ ਰਾਜਬੀਰ ਕੌਰ ਹਾਜ਼ਰ ਸਨ ।