ਕੁੰਵਰ ਵਿਜੇ ਪ੍ਰਤਾਪ ਪਹੁੰਚੇ ਹਾਈਕੋਰਟ, ਕਿਹਾ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਧਿਰ ਬਣਾਇਆ ਜਾਵੇ
ਅੰਮ੍ਰਿਤਸਰ, 20 ਮਈ 2022 - ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੰਗ ਕੀਤੀ ਹੈ ਕਿ ਹਾਈ ਕੋਰਟ ਵਿੱਚ ਚੱਲ ਰਹੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਨ੍ਹਾਂ ਨੂੰ ਵੀ ਧਿਰ ਬਣਾਇਆ ਜਾਵੇ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸ਼ਾਮਲ ਪੁਲਿਸ ਅਧਿਕਾਰੀਆਂ ਖਿਲਾਫ ਚੱਲ ਰਹੀ ਜਾਂਚ ਦੀ ਸਟੇਟਸ ਰਿਪੋਰਟ ਹਾਈਕੋਰਟ 'ਚ ਸੌਂਪ ਦਿੱਤੀ ਹੈ।
ਅੱਜ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਦਾਇਰ ਕਰਦੇ ਹੋਏ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਠੀਕ ਚੱਲ ਰਹੀ ਹੈ।
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਆਪਸ ਵਿੱਚ ਜੁੜੇ ਹੋਏ ਹਨ, ਪਰ ਕੋਟਕਪੂਰਾ ਮਾਮਲੇ ਵਿੱਚ ਹੋ ਰਹੀ ਜਾਂਚ ਦੀ ਕਾਪੀ ਉਨ੍ਹਾਂ ਨੂੰ ਨਹੀਂ ਮਿਲ ਸਕੀ ਹੈ। ਕੁਝ ਲੰਬੀ ਬਹਿਸ ਤੋਂ ਬਾਅਦ ਹੁਣ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 24 ਮਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਹਾਈਕੋਰਟ ਉਸ ਦਿਨ ਹੁਕਮ ਜਾਰੀ ਕਰ ਸਕਦੀ ਹੈ।