ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਖੇਤੀਬਾੜੀ ਉਪਕਰਣਾਂ ਦੀ ਵਰਤੋਂ ਨਾਲ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ
ਕਿਸਾਨਾਂ ਨੂੰ ਸਬਸਿਡੀ ਵਾਲੇ ਸੰਦ ਖਰੀਦਣ ਲਈ ਪ੍ਰੇਰਿਆ
ਦਲਜੀਤ ਕੌਰ ਭਵਾਨੀਗੜ੍ਹ,ਬਾਬੂਸ਼ਾਹੀ ਨੈਟਵਰਕ
ਭਵਾਨੀਗੜ੍ਹ, 3 ਅਕਤੂਬਰ, 2022: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀਬਾੜੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਕਰਣਾਂ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਨਸ਼ਟ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ।
ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਕਿ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੁਪਰਸੀਡਰ, ਜ਼ੀਰੋ ਟਿਲ ਡਰਿੱਲ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ ਉਲਟਵੇਂ ਹਲ ਆਦਿ ਮਸ਼ੀਨਾਂ ਸਪੁਰਦ ਕੀਤੀਆਂ ਗਈਆਂ, ਜਿਨ੍ਹਾਂ ਕਿਸਾਨਾਂ ਦੀ ਸਬਸਿਡੀ ਮੰਜ਼ੂਰ ਹੋਈ ਸੀ। ਉਨਾਂ ਦੱਸਿਆ ਕਿ ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।
ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਮੁੱਦੇ ਉਪਰ ਪੰਜਾਬ ਸਰਕਾਰ ਅਤੇ ਖੇਤੀਬਾੜੀ ਮਹਿਕਮੇ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।ਉਹਨਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕਿਸਾਨਾਂ ਨੂੰ ਜੋ ਵੀ ਮੁਸ਼ਕਿਲ ਪੇਸ਼ ਆਵੇਗੀ, ਉਸਦੇ ਹੱਲ ਵਾਸਤੇ ਸਰਕਾਰ ਵਚਨਬੱਧ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਚਹਿਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਸੰਗਰੂਰ ਜ਼ਿਲਾ, ਜੋ ਕਣਕ ਅਤੇ ਝੋਨੇ ਦੇ ਝਾੜ ਵਿਚ ਜਿੱਥੇ ਪਹਿਲੇ ਨੰਬਰ 'ਤੇ ਹੈ, ਉੱਥੇ ਵਾਤਾਵਰਣ ਦੀ ਸ਼ੁੱਧਤਾ ਵਿਚ ਵੀ ਨੰਬਰ ਇੱਕ 'ਤੇ ਆ ਸਕੇ।