ਪਟਿਆਲਾ 'ਚ ਕੇਂਦਰ-ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਕਿਸਾਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੀ ਬਰਸੀ ਮੌਕੇ ਸੂਬੇ ਭਰ 'ਚ ਰੋਸ-ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨੂੰ ਭੇਜੇ ਮੰਗ-ਪੱਤਰ
ਪੰਜਾਬ ਦੇ ਆਗੂ ਲਖੀਮਪੁਰ-ਖੀਰੀ ਵੀ ਪੁੱਜੇ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 03 ਅਕਤੂਬਰ, 2022 : ਲਖੀਮਪੁਰ ਖੀਰੀ (ਉੱਤਰ-ਪ੍ਰਦੇਸ਼) 'ਚ ਪਿਛਲੇ ਵਰ੍ਹੇ ਸ਼ਹੀਦ ਹੋਏ 4 ਕਿਸਾਨਾਂ ਅਤੇ 1 ਪੱਤਰਕਾਰ ਦੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਸਾਰੇ ਜਿਲ੍ਹਾ ਅਤੇ ਤਹਿਸੀਲਾਂ ਦੇ ਪੱਧਰ 'ਤੇ ਰੋਸ-ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ ਗਏ। ਇਨ੍ਹਾਂ ਰੋਸ ਧਰਨਿਆਂ 'ਚ ਸ਼ਹੀਦ ਕਿਸਾਨਾਂ ਨਛੱਤਰ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪੱਤਰਕਾਰ ਰਮਨ ਕਸ਼ਯਪ ਨੂੰ ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ।
ਪ੍ਰਧਾਨ ਮੰਤਰੀ ਦੇ ਨਾਮ ਭੇਜੇ ਸੰਯੁਕਤ ਕਿਸਾਨ ਮੋਰਚੇ ਦੇ ਮੰਗ-ਪੱਤਰ ਰਾਹੀਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਕਾਰ ਅਜੈ ਮਿਸ਼ਰਾ ਟੋਨੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜਿਆ ਜਾਵੇ। ਲਖੀਮਪੁਰ ਖੀਰੀ ਕਤਲਕਾਂਡ ਮੌਕੇ ਕਿਸਾਨਾਂ ਤੇ ਪਾਏ ਫਰਜੀ ਕੇਸ ਰੱਦ ਕਰਕੇ ਤੁਰੰਤ ਰਿਹਾ ਕੀਤਾ ਜਾਵੇ। ਸ਼ਹੀਦ ਕਿਸਾਨਾਂ ਅਤੇ ਜਖਮੀਆਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਣ ਦਾ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ ਕੀਤਾ ਜਾਵੇ।
ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, , ਡਾ.ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ,ਮੇਜਰ ਸਿੰਘ ਪੂੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਹਰਜੀਤ ਸਿੰਘ ਰਵੀ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਲਖਵਿੰਦਰ ਸਿੰਘ, ਕੁਲਜਿੰਦਰ ਸਿੰਘ ਘੁੰਮਣ, ਹਰਦੇਵ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਗੁਰਬਖਸ਼ ਸਿੰਘ ਬਰਨਾਲਾ, ਦਵਿੰਦਰ ਸਿੰਘ ਪੂਨੀਆ ਅਤੇ ਰਾਜੂ ਔਲਖ ਨੇ ਅੱਜ ਦੇ ਸੰਘਰਸ਼ ਦੀ ਅਗਵਾਈ ਕੀਤੀ।
ਓਧਰ ਯੂਪੀ 'ਚ ਘਟਨਾ ਸਥਾਨ ਦੇ ਨੇੜੇ ਸਥਿਤ ਗੁਰਦੁਆਰਾ ਕੰਡਾਲਾ ਘਾਟ ਸਾਹਿਬ ਵਿਖੇ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ, ਜਗਮਨਦੀਪ ਸਿੰਘ ਪੜੀ ਤੋਂ ਇਲਾਵਾ ਉੱਤਰਾਖੰਡ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਅਤੇ ਜਗਤਾਰ ਸਿੰਘ ਬਾਜਵਾ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।