ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ਦੇ ਸਿਹਤ ਸੰਭਾਲ ਢਾਂਚੇ ’ਚ ਕ੍ਰਾਂਤੀਕਾਰੀ ਸੁਧਾਰ : ਆਪ ਨੇਤਾ ਲਲਿਤ ਮੋਹਨ ਪਾਠਕ
- ਆਪ ਨੇਤਾ ਨੇ ਜਾਡਲਾ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਕੀਤਾ ਉਦਘਾਟਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 28 ਜਨਵਰੀ 2023 : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਸ੍ਰੀ ਲਲਿਤ ਮੋਹਨ ਪਾਠਕ ਨੇ ਅੱਜ ਜਾਡਲਾ ਵਿਖੇ ਬਣਾਏ ਗਏ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਹਤ ਵਿਭਾਗ, ਮੁਜ਼ੱਫਰਪੁਰ ਦੇ ਉੱਚ ਅਧਿਕਾਰੀਆਂ ਨੇ ਜਾਡਲਾ ਪਹੁੰਚਣ 'ਤੇ ਆਪ ਨੇਤਾ ਦਾ ਗੁਲਦਸਤਿਆਂ ਨਾਲ ਨਿੱਘਾ ਸੁਆਗਤ ਕੀਤਾ।
ਇਸ ਮੌਕੇ ਆਪ ਨੇਤਾ ਸ੍ਰੀ ਲਲਿਤ ਮੋਹਨ ਪਾਠਕ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਅੱਜ ਨਵੇਂ 400 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ, ਜਿਸ ਨਾਲ ਰਾਜ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਗਈ ਹੈ। ਨਵੇਂ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋਣਗੇ, ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਕਲੀਨਿਕਾਂ ਵਿੱਚ ਕੋਈ ਪਰਚੀ ਫੀਸ ਵੀ ਨਹੀਂ ਲੱਗੇਗੀ।
ਉਨ੍ਹਾ ਨੇ ਦੱਸਿਆ ਕਿ ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ।
ਸ੍ਰੀ ਪਾਠਕ ਨੇ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ’ਚ ਮਿਸਾਲੀ ਸੁਧਾਰ ਹੋ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਕਲੀਨਿਕਲ ਸਹਾਇਕ ਸਮੇਤ 4 ਸਟਾਫ਼ ਮੈਂਬਰ ਤਾਇਨਾਤ ਹੋਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਨੀਤ ਰਾਣਾ, ਭੁਪਿੰਦਰ ਸਿੰਘ ਉੜਾਪੜ, ਜਸਵੀਰ ਟਾਂਕ , ਰਮਨ ਕੁਮਾਰ, ਡੀ਼ ਐਸ.ਪੀ. ਵਿਨੋਦ ਕੁਮਾਰ, ਬਲਵਿੰਦਰ ਰਾਹੋਂ, ਕਰਨ ਦੱਤਾ, ਡਾ. ਰਣਜੀਤ ਹਰੀਸ਼, ਡਾ. ਸੋਨੀਆ, ਸੁਮਨ ਸ਼ਰਮਾ, ਹਰਮੇਸ਼ ਰਾਣੀ, ਸੀਐਚਓ ਨਵਜੋਤ ਕੌਰ, ਗੁਲਸ਼ਨ ਕੁਮਾਰ, ਮਨਦੀਪ ਕੌਰ, ਜਸਵਿੰਦਰ ਕੌਰ, ਸੁਰਜੀਤ ਕੌਰ, ਜਤਿੰਦਰ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।