ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ
ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ : ਸਾਕਸ਼ੀ ਸਾਹਨੀ
ਜੀ ਐਸ ਪੰਨੂ
ਪਟਿਆਲਾ, 30 ਜਨਵਰੀ 2023: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 76ਵੇਂ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਸਥਿਤ ਰਜਿੰਦਰਾ ਲੇਕ ਵਿਖੇ ਮਹਾਤਮਾਂ ਗਾਂਧੀ ਜੀ ਦੇ ਸਮਾਰਕ 'ਤੇ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਥੇ ਮੌਜੂਦ ਸਭਨਾਂ ਵੱਲੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਹੋਰਨਾਂ ਸ਼ਖ਼ਸੀਅਤਾਂ ਵੱਲੋਂਮਹਾਤਮਾਂ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੇ ਜਿਥੇ ਅਹਿੰਸਾ ਦਾ ਸੁਨੇਹਾ ਦਿੱਤਾ ਉਥੇ ਹੀ ਜ਼ਿੰਦਗੀ ਵਿਚ ਆਪਣੇ ਟੀਚੇ ਪੂਰੇ ਕਰਨ ਲਈ ਵਰਤੇ ਜਾਣ ਵਾਲੇ ਰਸਤੇ ਦੀ ਚੋਣ ਠੀਕ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਹੀ ਰਸਤਾ ਭਾਵੇਂ ਜਿਨ੍ਹਾਂ ਮਰਜ਼ੀ ਔਕੜਾਂ ਵਾਲਾ ਹੋਵੇ ਪਰ ਸਾਨੂੰ ਹਮੇਸ਼ਾ ਸਹੀ ਰਸਤੇ ਉਤੇ ਚੱਲਕੇ ਹੀ ਆਪਣੇ ਟੀਚੇ ਪੂਰੇ ਕਰਨੇ ਚਾਹੀਦੇ ਹਨ।
ਉਨ੍ਹਾਂ ਬਲੀਦਾਨ ਦਿਵਸ ਮੌਕੇ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ 'ਚ ਹਿੱਸਾ ਲੈ ਕੇ ਆਪਣਾ ਬਲੀਦਾਨ ਦੇਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਕੇ ਸਾਨੂੰ ਆਪਣੇ ਦੇਸ਼ ਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ। ਸਾਕਸ਼ੀ ਸਾਹਨੀ ਨੇ ਕਿਹਾ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਸੰਯੁਕਤ ਕਮਿਸ਼ਨਰ ਨਮਨ ਮੜਕਨ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ (ਜ) ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਤੇ ਐਕਸੀਅਨ ਦਲੀਪ ਕੁਮਾਰ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।