‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਨੀਂਹ ਰੱਖੇਗੀ : ਵਿਧਾਇਕ ਇੰਦਰਜੀਤ ਕੌਰ ਮਾਨ
ਬਲਵਿੰਦਰ ਸਿੰਘ ਧਾਲੀਵਾਲ 
ਸੁਲਤਾਨਪੁਰ ਲੋਧੀ, 29 ਅਪ੍ਰੈਲ 2025  ਹਲਕਾ ਵਿਧਾਇਕ ਸ਼੍ਰੀਮਤੀ ਇੰਦਰਜੀਤ ਕੌਰ ਮਾਨ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਨੀਂਹ ਪੱਕੀ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਨੂੰ ਸ਼ੁਰੂ ਤੋਂ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ, ਸਕੂਲਾਂ ਵਿੱਚ ਕੈਂਪਸ ਮੈਨੇਜਰਾਂ ਦੀ ਨਿਯੁਕਤੀ, ਬੱਚਿਆਂ ਲਈ ਮੁਫ਼ਤ ਬੱਸ ਸੇਵਾ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਦੀਆਂ ਵੱਕਾਰੀ ਸੰਸਥਾਵਾਂ ਤੋਂ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਵਰਗੀਆਂ ਪਹਿਲਕਦਮੀਆਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ’ਤੇ ਲੈ ਜਾਣ ਦੀ ਦਿਸ਼ਾ ਵਿੱਚ ਵੱਡਾ ਕਦਮ ਹਨ। 
ਸ਼੍ਰੀਮਤੀ ਮਾਨ ਨੇ ਕਿਹਾ ਕਿ ਰਾਜ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਵਾਰ ਸਿੱਖਿਆ ਲਈ ਪਹਿਲਾਂ ਨਾਲੋਂ ਜ਼ਿਆਦਾ ਬਜਟ ਰੱਖਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਤੋਂ ਇਲਾਵਾ ਅਤਿ-ਆਧੁਨਿਕ ਸਹੂਲਤਾਂ ਜਿਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ ਅਤੇ ਡਿਜੀਟਲ ਸਾਧਨ ਵੀ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਤਸਵੀਰ ਹੁਣ ਬਦਲ ਚੁੱਕੀ ਹੈ। ਇਹ ਸਕੂਲ ਹੁਣ ਵਿਦਿਆਰਥੀਆਂ ਲਈ ਉੱਚ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਗਾਰੰਟੀ ਬਣ ਰਹੇ ਹਨ।