ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ,ਪੰਜਾਬ ਦੇ ਪਾਣੀ ਅਤੇ ਸੰਘੀ ਢਾਂਚੇ 'ਤੇ ਭਾਜਪਾ ਦਾ ਡਾਕਾ : ਨਵਦੀਪ ਜੀਦਾ
ਅਸ਼ੋਕ ਵਰਮਾ
ਬਠਿੰਡਾ, 1 ਮਈ 2025 : ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਲਈ ਧਰਤੀ, ਵਾਤਾਵਰਨ ਅਤੇ ਪਾਣੀਆਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਅਤੇ ਨਿੱਜੀ ਫਰਜ਼ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸ਼ੂਗਰਫੈਡ ਸ ਨਵਦੀਪ ਸਿੰਘ ਜੀਦਾ ਨੇ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਖਿਲਾਫ ਸਥਾਨਕ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ ਸ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।ਚੇਅਰਮੈਨ ਸ਼ੂਗਰਫੈਡ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ, ਹੱਕਾਂ ਅਤੇ ਸੰਘੀ ਢਾਂਚੇ 'ਤੇ ਹਮਲਾ ਕਰਕੇ ਡਾਕਾ ਮਾਰ ਰਹੀ ਹੈ। ਉਹਨਾਂ ਕਿਹਾ ਕਿ ਜਿੱਥੇ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕਿ ਨਹਿਰੀ ਪਾਣੀ ਉੱਤੇ ਨਿਰਭਰ ਕਰਦਾ ਹੈ ਉੱਥੇ ਹੀ ਕੇਂਦਰ ਸਰਕਾਰ ਆਪਣਾ ਦਬਦਬਾ ਪਾ ਕੇ ਪੰਜਾਬ ਨਾਲ ਨਿਰੰਤਰ ਧੱਕੇਸ਼ਾਹੀ ਕਰਦੀ ਆ ਰਹੀ ਹੈ।
ਇਸ ਮੌਕੇ ਚੇਅਰਮੈਨ ਸ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹਰਿਆਣਾ ਨੇ ਇਹ ਤਰਕ ਦਿੰਦਿਆਂ ਕਿ ਇਸ ਪਾਣੀ ਨਾਲ ਗੁਜ਼ਾਰਾ ਨਹੀਂ ਹੁੰਦਾ, ਸੂਬੇ ਨੂੰ ਰੋਜ਼ਾਨਾ 8500 ਕਿਊਸਿਕ ਪਾਣੀ ਦੀ ਹੋਰ ਲੋੜ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਣੀ ਸਿੰਚਾਈ ਮੰਤਵ ਲਈ ਚਾਹੀਦਾ ਹੈ ਅਤੇ ਇਹ ਸਮੱਸਿਆ ਵੀ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ।ਚੇਅਰਮੈਨ ਨਵਦੀਪ ਜੀਦਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਉਹਨਾਂ ਕਿਹਾ ਕਿ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਹੇਠਾਂ ਆ ਚੁੱਕਾ ਹੈ।
ਇਸ ਉਪਰੰਤ ਚੇਅਰਮੈਨ ਨਵਦੀਪ ਸਿੰਘ ਜੀਦਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਨੇ ਸਥਾਨਕ ਫਾਇਰ ਬ੍ਰਿਗੇਡ ਚੌਂਕ, ਨਗਰ ਸੁਧਾਰ ਟਰਸਟ ਸ ਜਤਿੰਦਰ ਸਿੰਘ ਭੱਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਤ ਮੰਡੀ ਵਿਖੇ, ਗੋਨਿਆਣਾ ਵਿਖੇ ਆਪ ਆਗੂ ਸ੍ਰੀ ਸੁਰਿੰਦਰ ਬਿੱਟੂ ਅਤੇ ਰਾਮਪੁਰਾ ਵਿਖੇ ਸ਼੍ਰੀ ਰੇਸ਼ਮ ਸਿੰਘ ਸੁੱਖੀ, ਤਲਵੰਡੀ ਸਾਬੋ ਵਿਖੇ ਸ਼੍ਰੀ ਕੇਵਲ ਸਿੰਘ ਅਤੇ ਮੌੜ ਵਿਖੇ ਚੇਅਰਮੈਨ ਮਾਰਕੀਟ ਕਮੇਟੀ ਸ ਬਲਵਿੰਦਰ ਸਿੰਘ ਬੱਲੋਂ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਦੇ ਦਫਤਰ ਤੋਂ ਲੈ ਕੇ ਬੱਸ ਸਟੈਂਡ ਤੱਕ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ਼ ਪਾਣੀਆ ਦੇ ਮੱਦੇਨਜ਼ਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਸ਼੍ਰੀ ਰਾਕੇਸ਼ ਪੁਰੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜਰ ਸਨ।