ਮਾਨਸਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਖ਼ਿਲਾਫ਼ ਤਿੰਨ ਥਾਵਾਂ ਤੇ ਰੋਸ ਵਿਖਾਵਾ
ਅਸ਼ੋਕ ਵਰਮਾ
ਮਾਨਸਾ, 1 ਮਈ 2025: ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਲਈ ਧਰਤੀ, ਵਾਤਾਵਰਨ ਅਤੇ ਪਾਣੀਆਂ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਅਤੇ ਨਿੱਜੀ ਫਰਜ਼ ਹੈ। ਇਹ ਵਿਚਾਰ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਨੇ ਪ੍ਰਗਟਾਏ।
ਉਹਨਾਂ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਉਹਨਾਂ ਕਿਹਾ ਕਿ ਜਿੱਥੇ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕਿ ਨਹਿਰੀ ਪਾਣੀ ਉੱਤੇ ਨਿਰਭਰ ਕਰਦਾ ਹੈ ਉੱਥੇ ਹੀ ਕੇਂਦਰ ਸਰਕਾਰ ਆਪਣਾ ਦਬਦਬਾ ਪਾ ਕੇ ਪੰਜਾਬ ਨਾਲ ਨਿਰੰਤਰ ਧੱਕੇਸ਼ਾਹੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਜਾ ਚੁੱਕਾ ਹੈ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਹਰਿਆਣਾ ਨੇ ਇਹ ਤਰਕ ਦਿੰਦਿਆਂ ਕਿਹਾ ਕਿ ਇਸ ਪਾਣੀ ਨਾਲ ਗੁਜ਼ਾਰਾ ਨਹੀਂ ਹੁੰਦਾ, ਸੂਬੇ ਨੂੰ ਰੋਜ਼ਾਨਾ 8500 ਕਿਊਸਿਕ ਪਾਣੀ ਦੀ ਹੋਰ ਲੋੜ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਣੀ ਸਿੰਚਾਈ ਮੰਤਵ ਲਈ ਚਾਹੀਦਾ ਹੈ ਅਤੇ ਇਹ ਸਮੱਸਿਆ ਵੀ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ।
ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗ ਰਿਹਾ ਹੈ। ਉਹਨਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਦੀ ਅਗਵਾਈ ਵਿਚ ਅੰਬੇਡਕਰ ਚੌਂਕ ਬੁਢਲਾਡਾ ਵਿਖੇ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ ਦੀ ਅਗਵਾਈ ਵਿਚ ਨੇੜੇ ਦਾਣਾ ਮੰਡੀ ਮਾਨਸਾ ਅਤੇ ਪ੍ਰਧਾਨ ਨਗਰ ਪੰਚਾਇਤ ਸਰਦੂਲਗੜ੍ਹ, ਐਮ.ਸੀ ਤੇ ਹੋਰ ਅਹੁਦੇਦਾਰਾਂ ਵੱਲੋਂ ਸਰਦੂਲਗੜ੍ਹ ਵਿਖੇ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ਼ ਪਾਣੀਆ ਦੇ ਮੱਦੇਨਜ਼ਰ ਰੋਸ ਪ੍ਰਦਰਸ਼ਨ ਕੀਤਾ ਗਿਆ।