ਭਾਜਪਾ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ: ਰੰਧਾਵਾ
ਹਰਜਿੰਦਰ ਸਿੰਘ ਭੱਟੀ
ਡੇਰਾਬੱਸੀ :1 ਮਈ 2025 - ਵਿਧਾਇਕ ਡੇਰਾਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਜੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਟੀਮ ਨੇ ਕੇਂਦਰ ਦੀ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ।ਇਸ ਮੌਕੇ ਵਿਧਾਇਕ ਰੰਧਾਵਾ ਨੇ ਹਰਿਆਣਾ ਅਤੇ ਕੇਂਦਰ ਵਿੱਚ ਆਪਣੀ ਸੱਤਾ ਦੀ ਦੁਰਵਰਤੋਂ ਕਰਕੇ ਪੰਜਾਬ ਨੂੰ ਉਸਦੇ ਪਾਣੀਆਂ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ 'ਤੇ ਕਹਿ ਦਿੱਤਾ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ।
ਰੰਧਾਵਾ ਨੇ ਸੰਬੋਧਨ ਵਿੱਚ ਕਿਹਾ ਕਿ ਹਰ ਸਾਲ ਬੀਬੀਐਮਬੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਵੰਡਦਾ ਹੈ ਜੋ ਕਿ ਅਗਲੇ ਸਾਲ 21 ਮਈ ਤੋਂ 20 ਮਈ ਤੱਕ ਲਾਗੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਬੀਬੀਐਮਬੀ ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐਮਏਐਫ, 2.987 ਐਮਏਐਫ ਅਤੇ 5.512 ਐਮਏਐਫ ਪਾਣੀ ਵੰਡਿਆ ਹੈ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਇਸ ਸਾਲ 31 ਮਾਰਚ ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਸੀ ਜਿਸ ਤੋਂ ਬਾਅਦ ਸੰਕਟ ਪੈਦਾ ਹੋ ਗਿਆ ਸੀ।
ਰੰਧਾਵਾ ਨੇ ਕਿਹਾ ਕਿ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਦੀਆਂ ਪੀਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਦਭਾਵਨਾ ਵਜੋਂ ਪੰਜਾਬ ਸਰਕਾਰ ਨੇ 6 ਅਪ੍ਰੈਲ, 2025 ਤੋਂ ਹਰਿਆਣਾ ਨੂੰ ਖੁੱਲ੍ਹੇ ਦਿਲ ਨਾਲ ਰੋਜ਼ਾਨਾ 4000 ਕਿਊਸਿਕ ਪਾਣੀ ਅਲਾਟ ਕੀਤਾ ਹੈ।ਉਨਾਂ ਨੇ ਕਿਹਾ ਕਿ ਭਾਵੇਂ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਅਤੇ ਅੰਦਾਜ਼ੇ ਅਨੁਸਾਰ 1700 ਕਿਊਸਿਕ ਪਾਣੀ ਸੂਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫ਼ੀ ਹੈ.ਹਾਲਾਂਕਿ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਆਪਣੀ ਅਸਲ ਜ਼ਰੂਰਤ ਨਾਲੋਂ 2.5 ਗੁਣਾ ਜ਼ਿਆਦਾ ਪਾਣੀ ਮੰਗਿਆ ਹੈ। ਇਸ ਦੇ ਬਾਵਜੂਦ, ਉਨ੍ਹਾਂ ਕਿਹਾ ਕਿ ਪੰਜਾਬ ਅਪ੍ਰੈਲ ਮਹੀਨੇ ਤੋਂ ਇਹ ਪਾਣੀ ਦੇ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਨੇ ਬੇਨਤੀ ਕੀਤੀ ਸੀ ਕਿ ਇਹ ਪਾਣੀ ਉਸ ਲਈ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ 8500 ਕਿਊਸਿਕ ਵਾਧੂ ਪਾਣੀ ਦੀ ਲੋੜ ਹੈ।ਉਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਪਾਣੀ ਸਿੰਚਾਈ ਦੇ ਉਦੇਸ਼ਾਂ ਲਈ ਲੋੜੀਂਦਾ ਹੈ ਅਤੇ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਸਹੀ ਵਰਤੋਂ ਨਹੀਂ ਕੀਤੀ ਹੈ।
ਉਨਾਂ ਕਿਹਾ ਕਿ ਪੰਜਾਬ ਦਾ ਪਾਣੀ ਸੂਬੇ ਦਾ ਹੈ ਅਤੇ ਕਿਸੇ ਨੂੰ ਵੀ ਸੂਬੇ ਨੂੰ ਇਸ ਤੋਂ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਨੂੰ ਵੀ ਪੰਜਾਬ ਨੂੰ ਉਸਦੇ ਜਾਇਜ਼ ਹਿੱਸੇ ਤੋਂ ਵਾਂਝਾ ਨਹੀਂ ਕਰਨ ਦੇਵੇਗੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਰਾਹੀਂ ਸੂਬੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮੰਦਭਾਗਾ ਹੈ ਕਿ ਬੀਬੀਐਮਬੀ ਪੰਜਾਬ ਦੇ ਪਾਣੀ ਦੇ ਹਿੱਸੇ ਨੂੰ ਲੁੱਟਣ ਲਈ ਹਰ ਰੋਜ਼ ਨਵੇਂ ਮਤੇ ਪਾਸ ਕਰ ਰਹੀ ਹੈ। ਵਿਧਾਇਕ ਰੰਧਾਵਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਸਾਡੇ ਤੋਂ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।