ਪੰਜਾਬ ਦੇ ਪਾਣੀਆਂ 'ਤੇ ਹੱਕ ਸਿਰਫ਼ ਪੰਜਾਬ ਦਾ, ਕੇਂਦਰ ਅਤੇ ਸੂਬਾ ਸਰਕਾਰਾਂ ਸਿਆਸੀ ਧੱਕੇਸ਼ਾਹੀਆਂ ਬੰਦ ਕਰਨ - ਬ੍ਰਹਮਪੁਰਾ
- ਜਮੀਨੀ ਹਕੀਕਤ 'ਚ ਜ਼ੀਰੋ,ਵਾਅਦਿਆਂ 'ਚ ਹੀਰੋ;'ਆਪ' ਸਰਕਾਰ 'ਤੇ ਬ੍ਰਹਮਪੁਰਾ ਦਾ ਤਿੱਖਾ ਵਾਰ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ ,1 ਮਈ 2025 - ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੱਲਬਾਤ ਕਰਦਿਆਂ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ,ਜਿਸਦੀ ਧਰਤੀ ਗੁਰੂਆਂ ਅਤੇ ਪੀਰਾਂ ਦੀ ਚਰਨ ਛੋਹ ਪ੍ਰਾਪਤ ਹੈ,ਇੱਕ ਖ਼ੇਤੀ ਪ੍ਰਧਾਨ ਸੂਬਾ ਹੈ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਇੱਥੋਂ ਦੇ ਪਾਣੀਆਂ 'ਤੇ ਸਿਰਫ਼ ਅਤੇ ਸਿਰਫ਼ ਪੰਜਾਬੀਆਂ ਦਾ ਹੱਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਇਸ ਪਾਣੀ ਦੀ ਵੰਡ ਵਿੱਚ ਨਾ-ਇਨਸਾਫ਼ੀ ਦਾ ਸ਼ਿਕਾਰ ਹੋ ਚੁੱਕਾ ਹੈ,ਜਿਸ ਕਾਰਨ ਸੂਬੇ ਦੀ ਆਰਥਿਕਤਾ ਅਤੇ ਕਿਸਾਨਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ।
ਬ੍ਰਹਮਪੁਰਾ ਨੇ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਦੋਵਾਂ ਨੂੰ ਸਖ਼ਤ ਸ਼ਬਦਾਂ ਵਿੱਚ ਨਿੰਦਿਆ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਦੇ ਹੱਕਾਂ ਨੂੰ ਦਬਾ ਰਹੀ ਹੈ।ਸੂਬਾ ਸਰਕਾਰ 'ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸੰਵੇਦਨਸ਼ੀਲ ਮੁੱਦੇ 'ਤੇ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਏ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖ਼ੀ ਕਰਨ ਵਿੱਚ ਨਾਕਾਮ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ਼ ਵਾਅਦੇ ਕਰਦੀ ਹੈ,ਪਰ ਜ਼ਮੀਨੀ ਹਕੀਕਤ ਤੋਂ ਦੂਰ ਹੈ।ਹਰਿਆਣਾ ਨੂੰ ਪਾਣੀ ਦੇਣ ਦੇ ਮਾਮਲੇ 'ਤੇ ਸੂਬਾ ਸਰਕਾਰ ਦਾ ਰਵੱਈਆ ਢਿੱਲਾ ਰਿਹਾ ਹੈ।
ਬ੍ਰਹਮਪੁਰਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦਾ ਫ਼ੈਸਲਾ ਪੰਜਾਬ ਨਾਲ ਇੱਕ ਹੋਰ ਧੱਕਾ ਹੈ, ਖ਼ਾਸਕਰ ਜਦੋਂ ਪੰਜਾਬ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਵਰਤ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਅਤੇ ਹਰਿਆਣਾ ਸਰਕਾਰ ਪੰਜਾਬ ਵਿਰੁੱਧ ਇਕਜੁੱਟ ਹੋ ਗਈਆਂ ਹਨ,ਜਿਸਨੂੰ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਸ.ਬ੍ਰਹਮਪੁਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਦੇ ਭਵਿੱਖ,ਕਿਸਾਨਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ।
ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੇ ਹੱਕਾਂ ਦੀ ਰਾਖ਼ੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹੱਕਾਂ ਦੀ ਰਾਖ਼ੀ ਲਈ ਹਮੇਸ਼ਾ ਤੱਤਪਰ ਰਹੇਗਾ ਅਤੇ ਇਸ ਮੁੱਦੇ 'ਤੇ ਹਰ ਸੰਭਵ ਸੰਘਰਸ਼ ਕਰੇਗਾ। ਪੰਜਾਬ ਪਹਿਲਾਂ ਹੀ ਬਹੁਤ ਦੁੱਖ ਝੱਲ ਚੁੱਕਾ ਹੈ ਅਤੇ ਹੁਣ ਹੋਰ ਬਰਬਾਦੀ ਨਹੀਂ ਝੱਲ ਸਕਦਾ।ਸਾਨੂੰ ਆਪਣੇ ਆਉਣ ਵਾਲੇ ਭਵਿੱਖ ਨੂੰ ਬਚਾਉਣ ਲਈ ਇੱਕਜੁੱਟ ਹੋਣਾ ਪਵੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਇਸ ਹੱਕ ਨੂੰ ਕਿਸੇ ਵੀ ਕੀਮਤ 'ਤੇ ਖੋਹਣ ਨਹੀਂ ਦਿੱਤਾ ਜਾਵੇਗਾ।