ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਦੀ ਰਾਖੀ ਲਈ ਵਚਨਬੱਧ-ਕੈਬਨਿਟ ਮੰਤਰੀ
*ਪਾਣੀਆਂ ਦੇ ਮੁੱਦੇ ਉਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ
*ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ ਲੋਕਾਂ ਨੇ ਨਸ਼ਿਆਂ ਖਿਲਾਫ ਕੀਤੀ ਆਵਾਜ ਬੁਲੰਦ
ਮੋਗਾ, 02 ਮਈ
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਮੈਜਿਸਟਿਕ ਰਿਜੋਰਟ ਮੋਗਾ ਵਿੱਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਵੇਂ ਨਸ਼ਿਆਂ ਦੀ ਗੱਲ ਹੋਵੇ, ਭਾਵੇਂ ਪਾਣੀਆਂ ਦੀ, ਡਟ ਕੇ ਪਹਿਰਾ ਦੇ ਰਹੇ ਹਨ। ਸਰਕਾਰ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹੈ ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਕੇਂਦਰ ਸਰਕਾਰ ਨੇ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਪਾਣੀਆਂ ਨੂੰ ਲੈ ਕੇ ਚਾਲਾਂ ਚੱਲੀਆਂ। ਗੁਆਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲਣਾ ਬਹੁਤ ਹੀ ਮੰਦਭਾਗੀ ਸੋਚ ਹੈ, ਜੋ ਨਾ ਬਰਦਾਸ਼ਯੋਗ ਹੈ।
ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਮਾਗਮ ਦੌਰਾਨ ਪਿੰਡਾਂ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪਿੰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਪੰਡਾਲ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਹੋਇਆ ਨੁੱਕੜ ਨਾਟਕ ਇਪਟਾ ਟੀਮ ਵੱਲੋਂ ਪੇਸ਼ ਕੀਤਾ ਗਿਆ।
ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਡਾ. ਅਮਨਦੀਪ ਕੌਰ ਅਰੋੜਾ, ਸ੍ਰ. ਮਨਜੀਤ ਸਿੰਘ ਬਿਲਾਸਪੁਰ, ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਤੇ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ (ਸਾਰੇ ਵਿਧਾਇਕ), ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐਸ ਐਸ ਪੀ ਅਜੇ ਗਾਂਧੀ, ਡਿਪਟੀ ਕਮਿਸ਼ਨਰ (ਜਨਰਲ) ਚਾਰੂਮਿਤਾ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।