ਪੰਜਾਬ ਸਰਕਾਰ ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ - ਧਾਲੀਵਾਲ
- ਕੈਬਨਿਟ ਮੰਤਰੀਆਂ ਧਾਲੀਵਾਲ, ਕਟਾਰੂਚੱਕ ਤੇ ਮੋਹਿੰਦਰ ਭਗਤ ਦੀ ਅਗਵਾਈ ਹੇਠ ਵਿਲੇਜ਼ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ ਤੇ ਕੌਂਸਲਰਾਂ ਨਸ਼ੇ ਵਿਰੁੱਧ ਜੰਗ ਦਾ ਲਿਆ ਹਲਫ
- 7 ਮਈ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ- ਰੋਜ਼ਾਨਾ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾਵੇਗੀ ਯਾਤਰਾ
- ਪਾਣੀ ਦੇ ਮੁੱਦੇ ’ਤੇ ਸੁਣਾਈ ਦੋ ਟੁੱਕ-‘ਭਾਵੇਂ ਜੇਲ੍ਹਾਂ ਭਰਨੀਆਂ ਪੈਣ ਪਰ ਪਾਣੀ ਦਾ ਤੁਪਕਾ ਵੀ ਨਹੀਂ ਦੇਵਾਂਗੇ’
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ/ਕਪੂਰਥਲਾ, 3 ਮਈ 2025 - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੇ ਯੁੱਧ ਨੂੰ ਅੱਜ ਕਪੂਰਥਲਾ ਜਿਲ੍ਹੇ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ, ਵਾਰਡ ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ, ਕੌਂਸਲਰਾਂ ਨੇ ਕੈਬਨਿਟ ਮੰਤਰੀਆਂ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੀ ਲਾਲ ਚੰਦ ਕਟਾਰੂਚੱਕ ਤੇ ਸ਼੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਲੋਕ ਲਹਿਰ ਬਣਾਉਣ ਦਾ ਅਹਿਦ ਲਿਆ।
ਰੇਲ ਕੋਚ ਫੈਕਟਰੀ-ਸੁਲਤਾਨਪੁਰ ਰੋਡ ਉੱਪਰ ਹੋਏ ਵਿਸ਼ਾਲ ਸਮਾਗਮ ਦੌਰਾਨ ਹਜਾਰਾਂ ਦੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਲੜਾਈ ਨੂੰ ਹਰ ਪਿੰਡ, ਕਸਬੇ ਤੇ ਗਲੀ- ਮੁਹੱਲੇ ਤੱਕ ਲੈ ਕੇ ਜਾਣਗੇ।
ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ’।
ਉਨ੍ਹਾਂ ਦੱਸਿਆ ਕਿ ‘7 ਮਈ ਤੋਂ ਪੰਜਾਬ ਭਰ ਵਿਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋਵੇਗੀ, ਜੋ ਕਿ ਹਰ ਰੋਜ਼ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ੇ ਦੀ ਰੋਕਥਾਮ ਲਈ ਲਾਮਬੰਦ ਕਰੇਗੀ’।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਦਿ੍ਰੜਤਾ ਨਾਲ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਨਸ਼ੇ ਦੀ ਸਪਲਾਈ ਲਾਇਨ ਤੋੜਨ ਵਿਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਤਸਕਰਾਂ ਵਲੋਂ ਕਾਲੀ ਕਮਾਈ ਨਾਲ ਬਣਾਏ ਮਹਿਲਾਂ ਨੂੰ ਢਾਹ ਢੇਰੀ ਕਰ ਦਿੱਤਾ ਜਾਵੇਗਾ’।
ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਤੇ ਨਸ਼ਾ ਤਸਕਰਾਂ ਦੀ ਕਿਸੇ ਵੀ ਕਿਸਮ ਦੀ ਸਹਾਇਤਾ ਨਾ ਕਰਨ ਦੀ ਸਹੁੰ ਚੁਕਾਈ।
ਖੁਰਾਕ ਤੇ ਸਿਵਲ ਸਪਲਾਈ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ 55000 ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿਚ ਆਸ ਦੀ ਕਿਰਨ ਪੈਦਾ ਹੋਈ ਹੈ।
ਉਨ੍ਹਾਂ ਕਿਹਾ ਕਿ ਲੋਕ ਨਸ਼ਾ ਵਿਰੋਧੀ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣ ਤਾਂ ਹੀ ਇਸ ਸਮਾਜਿਕ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ।
ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ‘ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਸਹਿਯੋਗ ਨਾਲ ਹੋਰ ਅਸਰਦਾਰ ਢੰਗ ਨਾਲ ਚਲਾਕੇ ਸੂਬੇ ਤੋਂ ਜਲਦ ਹੀ ਨਸ਼ੇ ਦਾ ਕਲੰਕ ਲਾਹ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀਆਂ ਨੂੰ ਕਿਹਾ ਕਿ ‘ ਪੰਜਾਬ ਕੋਲ ਨਾ ਤਾਂ ਵਾਧੂ ਪਾਣੀ ਹੈ ਤੇ ਨਾ ਹੀ ਪੰਜਾਬ ਦੇ ਪਾਣੀ ਇਕ ਤੁਪਕਾ ਵੀ ਕਿਸੇ ਵੀ ਦਿੱਤਾ ਜਾਵੇਗਾ’।
ਉਨ੍ਹਾਂ ਕਿਹਾ ਕਿ ‘ਪੰਜਾਬ ਸਰਕਾਰ ਸੂਬੇ ਦੇ ਕੀਮਤੀ ਸ੍ਰੋਤ ਪਾਣੀ ਦੀ ਰਾਖੀ ਲਈ ਹਰ ਸੰਭਵ ਪ੍ਰਸ਼ਾਸ਼ਕੀ, ਕਾਨੂੰਨੀ ਤੇ ਸਿਆਸੀ ਲੜਾਈ ਲੜੇਗੀ’।
ਉਨ੍ਹਾਂ ਸਪੱਸ਼ਟ ਕੀਤਾ ਕਿ ‘ਪੰਜਾਬ ਦੇ ਪਾਣੀ ਦੀ ਰਾਖੀ ਲਈ ਭਾਵੇਂ ਸਾਨੂੰ ਜੇਲ੍ਹਾਂ ਵੀ ਭਰਨੀਆਂ ਪੈਣ ਪਰ ਸੂਬੇ ਦੇ ਪਾਣੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ’।
ਨਸ਼ਾ ਛੁਡਾਊ ਕੇਂਦਰਾਂ ਵਿਚ ਬੈਡ ਸਮਰੱਥਾ ਵਧਾਉਣ ਬਾਰੇ ਉਨ੍ਹਾਂ ਐਲਾਨ ਕੀਤਾ ਕਿ ‘ ਜੋ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਉਸਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਨਸ਼ਾ ਛੁਡਾਊ ਕੇਂਦਰਾਂ ਵਿਚ 5000 ਬੈਡਾਂ ਦੀ ਸਮਰੱਥਾ ਵਧਾਈ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਸ਼੍ਰੀ ਗੌਰਵ ਤੂਰਾ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ।
ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਪਟਿਆਲਾ ਤੋਂ ਆਈ ਤਮਾਸ਼ਾ ਆਰਟਸ ਦੀ ਟੀਮ ਵਲੋਂ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਦਾ ਨਾਟਕ ਵੀ ਖੇਡਿਆ ਗਿਆ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਾਇਰੈਕਟਰ ਜਲ ਸਰੋਤ ਵਿਭਾਗ ਤੇ ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਕੋਆਰਡੀਨੇਟਰ ਪ੍ਰਦੀਪ ਥਿੰਦ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।