ਲੁਧਿਆਣਾ ਵਿਖੇ ਨਗਰ ਨਿਗਮ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ਨੂੰ ਢਾਹਿਆ
------ ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ 'ਚ ਨਹੀਂ ਰਹਿਣ ਦੇਵੇਗੀ
------- ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਪੁਲਿਸ ਨੇ ਕੀਤੀ ਕਾਰਵਾਈ
ਸੁਖਮਿੰਦਰ ਭੰਗੂ
ਲੁਧਿਆਣਾ, 5 ਮਈ 2025 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਸੋਮਵਾਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਤਸਕਰ ਲਾਖਨ ਪੁੱਤਰ ਹੀਰਾ, ਹਰੀ ਕਿ੍ਸ਼ਨਾ ਕਲੋਨੀ, ਟਰਾਂਸਪੋਰਟ ਨਗਰ, ਲੁਧਿਆਣਾ ਦਾ ਘਰ ਢਾਹਿਆ ਗਿਆ। ਇਹ ਮਕਾਨ ਨਗਰ ਨਿਗਮ ਦੀ ਜਗਾਂ 'ਤੇ ਨਿਜਾਇਜ਼ ਕਬਜ਼ਾ ਕਰਕੇ ਬਣਾਇਆ ਹੋਇਆ ਸੀ।
ਇਸ ਮੌਕੇ ਨਗਰ ਨਿਗਮ ਲੁਧਿਆਣਾ ਤੋਂ ਸਹਾਇਕ ਨਗਰ ਯੋਜਨਾਕਾਰ ਜੋਨ-ਬੀ ਕੁਲਜੀਤ ਸਿੰਘ ਮਾਂਗਟ ਅਤੇ ਬਿਲਡਿੰਗ ਇੰਸਪੈਕਟਰ ਹਰਮਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਨਗਰ ਨਿਗਮ ਦੀ ਇਹ ਜਗ੍ਹਾ ਟਰਾਂਸਪੋਰਟ ਨਗਰ ਦੀ ਡਿਵੈਲਪਮੈਂਟ ਸਕੀਮ ਅਧੀਨ ਪੈਂਦੀ ਹੈ। ਸਕੀਮ ਅਧੀਨ ਇਹ ਜਗ੍ਹਾ ਗੱਡੀਆਂ ਦੀ ਪਾਰਕਿੰਗ ਵਾਸਤੇ ਛੱਡੀ ਗਈ ਸੀ ਜਿੱਥੇ ਨਸ਼ਾ ਤਸਕਰ ਲਾਖਨ ਪੁੱਤਰ ਹੀਰਾ ਨੇ ਨਜਾਇਜ਼ ਕਬਜ਼ਾ ਕਰਕੇ ਘਰ ਦੀ ਉਸਾਰੀ ਕੀਤੀ ਗਈ ਸੀ ਜਿਸ ਨੂੰ ਅੱਜ ਲੁਧਿਆਣਾ ਪੁਲਿਸ ਦੀ ਮਦਦ ਨਾਲ ਢਾਹਿਆ ਗਿਆ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਖਨ ਪੁੱਤਰ ਹੀਰਾ, ਹਰੀ ਕਿ੍ਸ਼ਨਾ ਕਲੋਨੀ, ਟਰਾਂਸਪੋਰਟ ਨਗਰ, ਲੁਧਿਆਣਾ ਦੇ ਉੱਪਰ ਆਈ. ਪੀ. ਸੀ, ਐਨ.ਡੀ.ਪੀ.ਐਸ.ਐਕਟ ਅਧੀਨ ਵੱਖ ਵੱਖ 5 ਮੁਕੱਦਮੇ ਦਰਜ਼ ਹਨ। ਉਨ੍ਹਾਂ ਕਿਹਾ ਕਿ ਲਾਖਨ ਪੁੱਤਰ ਹੀਰਾ ਨੂੰ 10 ਸਾਲ ਦੀ ਸਜ਼ਾ ਹੋਈ ਜਿਸ ਕਾਰਨ ਉਹ ਜੇਲ੍ਹ ਵਿਚ ਬੰਦ ਹੈ।
ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ।
ਸਵਪਨ ਸ਼ਰਮਾ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ।
ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਇਲਾਕਾ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਹਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4 ਲੁਧਿਆਣਾ ਮਨਦੀਪ ਸਿੰਘ, ਸਹਾਇਕ ਕਮਿਸ਼ਨਰ ਪੁਲਿਸ, ਇੰਡਸਟਰੀ ਏਰੀਆ-ਏ ਲੁਧਿਆਣਾ ਜਸਬਿੰਦਰ ਸਿੰਘ, ਮੁੱਖ ਅਫਸਰ ਥਾਣਾ ਮੋਤੀ ਨਗਰ ਲੁਧਿਆਣਾ ਅੰਮ੍ਰਿਤਪਾਲ ਸਿੰਘ, ਮੁੱਖ ਅਫਸਰ ਥਾਣਾ ਜਮਾਲਪੁਰ ਲੁਧਿਆਣਾ ਇੰਸਪੈਕਟਰ ਅਤੇ ਮੁੱਖ ਅਫਸਰ ਥਾਣਾ ਟਿੱਬਾ ਲੁਧਿਆਣਾ ਜਸਪਾਲ ਸਿੰਘ ਵੀ ਹਾਜ਼ਰ ਸਨ।