ਨੈਸ਼ਨਲ ਲੋਕ ਅਦਾਲਤ ਮਿਤੀ 10 ਮਈ ਨੂੰ ਲੱਗੇਗੀ
ਜ਼ਿਲ੍ਹਾ ਤੇ ਸ਼ੈਸ਼ਨ ਜੱਜ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾਉਣ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 7 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਮਿਤੀ 10 ਮਈ 2025 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਦਿਲਬਾਗ ਸਿੰਘ ਜੌਹਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।