ਨਰਮੇ ਦੇ ਬੀਜ ‘ਤੇ ਦਿੱਤੀ ਜਾ ਰਹੀ ਹੈ 33 ਫੀਸਦੀ ਸਬਸਿਡੀ : ਮੁੱਖ ਖੇਤੀਬਾੜੀ ਅਫਸਰ
ਅਸ਼ੋਕ ਵਰਮਾ
ਬਠਿੰਡਾ, 7 ਮਈ 2025 : ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਸਾਲ ਕਿਸਾਨਾਂ ਵਿੱਚ ਨਰਮੇ ਦੀ ਬਿਜਾਈ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਹੇਠ ਰਕਬਾ ਵਧਣ ਦਾ ਅੰਦਾਜ਼ਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਨਰਮੇ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਤੇ ਤਕਨੀਕੀ ਜਾਣਕਾਰੀ ਦੇਣ ਲਈ ਸਮੇਂ-ਸਮੇਂ ‘ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਤਕਨੀਕੀ ਜਾਣਕਾਰੀ ਦਾ ਵੱਧ ਤੋ ਵੱਧ ਫਾਇਦਾ ਉਠਾਇਆ ਜਾਵੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਜ਼ਿਲ੍ਹੇ ਵਿੱਚ ਟੇਲਾਂ ਤੇ ਪੈਂਦੇ ਪਿੰਡਾਂ ਵਾਲੇ ਖੇਤਾਂ ਵਿੱਚ ਸਮੇਂ-ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਸਬੰਧੀ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੀਜ ਲੈਣ ਸਮੇ ਇਸ ਦੇ ਨਾਲ ਪੱਕਾ ਬਿੱਲ ਜ਼ਰੂਰ ਲੈਣ ਅਤੇ ਇਸ ਬਿੱਲ ਨੂੰ ਪੋਰਟਲ ‘ਤੇ ਅਪਲੋਡ ਜ਼ਰੂਰ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਬੀਜ ਦੀ ਖਰੀਦ ਰਾਜ ਅੰਦਰ ਮੌਜੂਦ ਲਾਇਸੰਸੀ ਫਰਮਾਂ ਪਾਸੋ ਕੀਤੀ ਜਾਵੇ।
ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਬੀਜ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਪਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਬਸਿਡੀ ਅਪਲਾਈ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਤ ਦਫਤਰ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।