ਪਾਣੀ ਅਤੇ ਖਰਚੇ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ
ਸੁਖਮਿੰਦਰ ਭੰਗੂ
ਲੁਧਿਆਣਾ, 8 ਮਈ 2025- ਖੇਤੀ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਇਸ ਵਾਰ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਗੱਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਆਪਣੇ ਦਫਤਰ ਵਿੱਚ ਬਲਾਕਾਂ ਦੇ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਰਾਹੀਂ ਡਾਇਰੈਕਟ ਸੀਡਿੰਗ ਆਫ਼ ਰਾਈਸ ਜਿਸ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਵੀ ਕਿਹਾ ਜਾਂਦਾ ਹੈ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਡਾ. ਗੁਰਦੀਪ ਸਿੰਘ ਇਸ ਤਕਨੀਕ ਬਾਰੇ ਹੋਰ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਜੋ ਵੀ ਕਿਸਾਨ ਇਸ ਤਕਨੀਕ ਨੂੰ ਅਪਨਾਉਣ ਦੀ ਤਿਆਰੀ ਕਰ ਰਹੇ ਹਨ ਵਿਭਾਗ ਉਨ੍ਹਾਂ ਦੀ ਹਰ ਪ੍ਰਕਾਰ ਨਾਲ ਮਦਦ ਕਰਨ ਲਈ ਤਤਪਰ ਹੈ। ਉਨ੍ਹਾਂ ਅਜਿਹੇ ਕਿਸਾਨਾਂ ਨੂੰ ਕਿਸੇ ਵੀ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਵਿੱਚ ਸੰਪਰਕ ਕਰਨ ਲਈ ਕਿਹਾ। ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 15 ਮਈ, 2025 ਮਿੱਥੀ ਗਈ ਹੈ ਜਿਸ ਤੋਂ ਬਾਅਦ ਕੋਈ ਵੀ ਕਿਸਾਨ ਇਸ ਤਕਨੀਕ ਨਾਲ ਬਿਜਾਈ ਕਰ ਸਕਦਾ ਹੈ।
ਇਸ ਤਕਨੀਕ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਹੀ ਬਾਰਿਸ਼ਾਂ ਦਾ ਪਾਣੀ ਧਰਤੀ ਵਿੱਚ ਜ਼ਜ਼ਬ ਹੋ ਜਾਂਦਾ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਦੀ ਗਤੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਜਿਹੜੇ ਕਿਸਾਨ ਇਸ ਵਿਧੀ ਨੂੰ ਅਪਣਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਉਨ੍ਹਾਂ ਨੂੰ ਸਰਕਾਰ ਵਲੋਂ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਾਢੀ ਉਪਰੰਤ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਵੀ ਵੱਧ ਸਮਾਂ ਮਿਲ ਸਕਦਾ ਹੈ ਜਿਸ ਕਾਰਨ ਜਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਵਿੱਚ ਮਦਦ ਮਿਲੇਗੀ। ਖੇਤੀਬਾੜੀ ਵਿਭਾਗ ਵਲੋਂ ਸਿੱਧੀ ਬਿਜਾਈ ਦੀ ਤਕਨੀਕ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਪਿੰਡ-ਪਿੰਡ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਇੰਜ. ਅਮਨਪ੍ਰੀਤ ਸਿੰਘ ਘੇਈ ਸਹਾਇਕ ਖੇਤੀਬਾੜੀ ਇੰਜੀਨਿਅਰ ਲੁਧਿਆਣਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰਾਪਤ ਕਰਨ ਲਈ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ ਕਰਵਾਉਣੀ ਲਾਜ਼ਮੀ ਹੈ ਜਿਸ ਵਿਚ ਉਨ੍ਹਾਂ ਵਲੋਂ ਇਸ ਤਕਨੀਕ ਨਾਲ ਬੀਜੇ ਰਕਬੇ ਬਾਰੇ ਅਤੇ ਆਪਣੇ ਬੈਂਕ ਖਾਤੇ ਦੀ ਡਿਟੇਲ ਦੱਸਣੀ ਲਾਜ਼ਮੀ ਹੈ। ਇਸ ਤੋਂ ਬਿਨ੍ਹਾਂ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲੋੜੀਂਦੀ ਡੀ.ਐਸ.ਆਰ ਡਰਿੱਲ ਵੀ 40 ਤੋਂ 50 ਪ੍ਰਤੀਸ਼ਤ ਦੀ ਸਬਸਿਡੀ 'ਤੇ ਦਿੱਤੀ ਜਾਵੇਗੀ ਜਿਸ ਲਈ ਕਿਸਾਨਾਂ ਪਾਸੋਂ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ ਮਿਤੀ 12 ਮਈ 2025 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।