ਟ੍ਰੈਫਿਕ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਹਰਜਿੰਦਰ ਸਿੰਘ ਭੱਟੀ
ਖਰੜ, 08 ਮਈ 2025: ਸੂਬੇ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ "ਦਾ ਨਾਲੇਜ ਬੱਸ ਗਲੋਬਲ ਸਕੂਲ", ਸੰਨੀ ਐਨਕਲੇਵ, ਖਰੜ, ਐਸ.ਏ.ਐਸ.ਨਗਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਨੇ ਦੱਸਿਆ ਕਿ ਸ੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਟ੍ਰੈਫਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਵਰਗਲਾ ਕੇ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।
ਸੜ੍ਹਕ ਹਾਦਸਿਆਂ ਦੇ ਪੀੜਤਾਂ ਦੀ ਮੱਦਦ ਲਈ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਸਰਕਾਰ ਦੁਆਰਾ ਚਲਾਈ ਗਈ ਮੱਦਦਗਾਰਾਂ ਨੂੰ ਪੁਰਸਕਾਰ ਦੇਣ ਦੀ ਯੋਜਨਾ (Scheme for Grant of Award to the Good Samaritan) ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ, ਡਾ ਅਨੀਸ਼ਾ ਸਹਿਪਾਠੀ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਕਰਕੇ ਸਕੂਲ ਦੇ ਬਾਕੀ ਦੇ ਵਿਦਿਆਰਥੀਆਂ ਨੂੰ ਅਤੇ ਹੋਰ ਸਟਾਫ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ।
ਡੀ ਐਸ ਪੀ ਟ੍ਰੈਫਿਕ ਵੱਲੋਂ ਨੁੱਕੜ ਨਾਟਕ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕਰੋ।