ਚੇਅਰਮੈਨ ਅਨਿਲ ਠਾਕੁਰ ਵੱਲੋਂ ਵੱਖ-ਵੱਖ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 8 ਮਈ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਚੇਅਰਮੈਨ ਅਨਿਲ ਠਾਕੁਰ ਨੇ ਪੰਜਾਬ ਰਾਜ ਦੇ ਜੀ.ਐਸ.ਟੀ. ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਵਾਇਤੀ ਵੈਟ ਪ੍ਰਣਾਲੀ ਤਹਿਤ ਬਕਾਇਆਂ ਦੇ ਇਕਮੁਸ਼ਤ ਹੱਲ ਲਈ ਲਾਗੂ ਕੀਤੀ ਓ ਟੀ ਐਸ ਸਕੀਮ ਦਾ 70311 ਡੀਲਰਾਂ ਨੂੰ ਲਾਭ ਹੋਇਆ ਹੈ, ਜਿਸ ਤਹਿਤ ਉਨ੍ਹਾਂ ਨੂੰ 867 ਕਰੋੜ ਦਾ ਬਕਾਇਆ ਦੇਣਦਾਰੀਆਂ ਚ ਲਾਭ ਮਿਲਿਆ ਹੈ।
ਇਸ ਮੌਕੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਚੇਅਰਮੈਨ ਠਾਕੁਰ ਨੇ ਕਿਹਾ ਕਿ ਸੂਬਾ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਆਖਿਆ ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸਟੇਟ ਟੈਕਸ ਸ਼੍ਰੀ ਡੀਐਸ ਗਰਚਾ, ਸਹਾਇਕ ਕਮਿਸ਼ਨਰ ਸਟੇਟ ਟੈਕਸ ਮੋਬਾਇਲ ਵਿੰਗ ਬਠਿੰਡਾ ਸ਼੍ਰੀ ਭਾਗ ਸਿੰਘ, ਸਹਾਇਕ ਕਮਿਸ਼ਨਰ ਸਟੇਟ ਟੈਕਸ ਸ਼੍ਰੀਮਤੀ ਪ੍ਰਭਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।