ਸ਼ੈਰੀ ਕਲਸੀ ਨੇ ਪਿੰਡ ਸ਼ਾਹਪੁਰਾ ਦੇ ਖੇਤਾਂ ’ਚੋਂ ਮਿਲੇ ਬੰਬ ਨੁਮਾ ਯੰਤਰ ਦਾ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ
- ਕਿਹਾ- ਲੋਕ ਘਬਰਾਉਣ ਨਾ ਅਤੇ ਸਹਿਜ ਵਿੱਚ ਰਹਿੰਦੇ ਹੋਏ ਸਰਕਾਰ ਤੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ
ਰੋਹਿਤ ਗੁਪਤਾ
ਬਟਾਲਾ, 9 ਮਈ 2025 - ਹਿੰਦ-ਪਾਕਿ ਸਰਹੱਦ 'ਤੇ ਬਣੇ ਤਣਾਅ ਪੂਰਨ ਮਾਹੌਲ ਦੌਰਾਨ ਬੀਤੀ ਦੇਰ ਰਾਤ ਬਟਾਲਾ ਨੇੜਲੇ ਪਿੰਡ ਸ਼ਾਹਪੁਰਾ ਦੇ ਖੇਤਾਂ ਵਿੱਚ ਬੰਬਨੁਮਾ ਪੁਰਜੇ ਡਿੱਗਣ ਦੀ ਖਬਰ ਮਿਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੌਕੇ 'ਤੇ ਪਹੁੰਚ ਕੇ ਸਬੰਧਤ ਅਧਿਕਾਰੀਆਂ ਕੋਲੋ ਜਾਣਕਾਰੀ ਲਈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਡੀਐਸਪੀ ਸੰਜੀਵ ਕੁਮਾਰ, ਐਮ ਸੀ ਸਤਨਾਮ ਸਿੰਘ ਤੇ ਅਮਿਤ ਸੋਢੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਿੰਦ-ਪਾਕਿ ਵਿੱਚ ਚੱਲ ਰਹੇ ਮੌਜੂਦਾ ਹਾਲਤਾਂ ਵਿੱਚ ਭਾਰਤੀ ਫੌਜ ਵਲੋਂ ਵਿਰੋਧੀਆਂ ਨੂੰ ਲਗਾਤਾਰ ਮੂੰਹ ਤੋੜਵਾਂ ਜਵਾਬ ਦਿੰਦਿਆਂ ਉਨ੍ਹਾਂ ਦੀ ਕਾਰਵਾਈ ਨੂੰ ਨਸ਼ਟ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਬਾਬਤ ਪੁਲਿਸ ਅਧਿਕਾਰੀਆਂ ਵਲੋਂ ਆਰਮੀ ਹੈਡਕੁਆਟਰ ਨੂੰ ਸੂਚਨਾ ਦਿੱਤੀ ਗਈ ਹੈ ਤੇ ਉਹਨਾਂ ਵਲੋਂ ਸਾਰੀ ਸਥਿਤੀ ਸਪੱਸ਼ਟ ਕੀਤੀ ਜਾਵੇਗੀ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਸ ਪਈ ਚੀਜ਼ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਨਾ ਕਿ ਉਸ ਨਾਲ ਆਪ ਛੇੜਖ਼ਾਨੀ ਕੀਤੀ ਜਾਵੇ।
ਇਸ ਮੌਕੇ ਖੇਤਾਂ ਦੇ ਮਾਲਕ ਨੇ ਦੱਸਿਆ ਕਿ ਰਾਤ ਉਨਾਂ ਕੰਬਾਇਨ ਲਗਾਈ ਹੋਈ ਸੀ ਤੇ ਦੇਰ ਰਾਤ ਤੱਕ ਕੰਮ ਕਰਦੇ ਰਹੇ, ਫਿਰ ਸਵੇਰੇ ਆ ਕੇ ਜਦੋਂ ਦੁਬਾਰਾ ਕਟਾਈ ਕਰਨ ਲੱਗੇ ਤਾਂ ਖੇਤਾਂ ’ਚੋਂ ਉਹਨਾਂ ਨੂੰ ਇਹ ਅਲੱਗ ਤਰ੍ਹਾਂ ਦੇ ਇਕ ਯੰਤਰ ਦਿਖਾਈ ਦਿੱਤਾ। ਸ਼ੱਕ ਪੈਣ ’ਤੇ ਅਸੀਂ ਇਸ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ।
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਸਹਿਜ ਵਿੱਚ ਰਹਿੰਦੇ ਹੋਏ ਪ੍ਰਸ਼ਾਸ਼ਨ ਨੂੰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਸਤੇ ਸਹਿਯੋਗ ਦੇਣ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਣ ਵਾਲੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਉੱਤੇ ਲੋਕ ਹਿੱਤ ਵਿੱਚ ਜਾਰੀ ਹੋਣ ਵਾਲੀ ਅਡਵਾਈਜ਼ਰੀ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01874-266376 ਜਿਲ੍ਹਾ ਵਾਸੀਆਂ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਰਾਊਂਡ ਦੀ ਕਲਾਕ ਚੱਲ ਰਿਹਾ ਹੈ ਅਤੇ ਲੋੜ ਪੈਣ 'ਤੇ ਜ਼ਿਲ੍ਹਾ ਵਾਸੀ ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਗੁਰਦਾਸਪੁਰ ਵਿੱਚ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਰੋਜ਼ਾਨਾਂ ਰਾਤ ਨੂੰ 9:00 ਵਜੇ ਤੋਂ ਸਵੇਰੇ 5:00 ਤੱਕ ਬਲੈਕ-ਆਊਟ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਵੀ ਇੰਨ-ਬਿੰਨ ਕੀਤੀ ਜਾਵੇ, ਕਿਉਂਕਿ ਇਹ ਲੋਕ ਹਿਤ ਲਈ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ, ਪੈਟਰੋਲ, ਡੀਜ਼ਲ, ਰਸੋਈ ਗੈਸ, ਦਵਾਈਆਂ, ਪਸ਼ੂਆਂ ਦੇ ਚਾਰੇ ਭਾਵ ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਹੈ, ਇਸ ਲਈ ਬਿਨਾਂ ਲੋੜ ਤੋਂ ਵਾਧੂ ਸਮਗਰੀ ਖ਼ਰੀਦ ਕੇ ਕਾਲਾ ਬਾਜ਼ਾਰੀ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ।