ਫ਼ਤਹਿਗੜ੍ਹ ਸਾਹਿਬ: DC ਅਤੇ SP ਵੱਲੋਂ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ
ਦੀਦਾਰ ਗੁਰਨਾ
- ਸਾਇਬਰ ਸੈਲ ਰੱਖ ਰਿਹਾ ਤਿੱਖੀ ਨਜ਼ਰ, ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਹੋਵੇਗਾ
- ਨਾਗਰਿਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ ਨੰਬਰ 01763-232838 ਸਥਾਪਿਤ
- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤੀ ਸ਼ਾਂਤਮਈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ
- ਅਹਿਤਿਆਤ ਦੇ ਤੌਰ 'ਤੇ ਨਾਗਰਿਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ
ਫਤਹਿਗੜ੍ਹ ਸਾਹਿਬ, 9 ਮਈ 2025 - ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸਾਸਨਿਕ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਅਜਿਹੇ ਮਾਮਲੇ ਉਹਨਾਂ ਦੇ ਧਿਆਨ ਵਿਚ ਆ ਰਹੇ ਹਨ ਕਿ ਕੁਝ ਸ਼ਰਾਰਤੀ ਕਿਸਮ ਦੇ ਅਨਸਰ, ਜਾਣਬੁੱਝ ਕੇ ਨਾਗਰਿਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਾਲੀਆਂ ਫੇਕ ਨਿਊਜ਼ ਅਤੇ ਤੱਥਹੀਣ ਸਮੱਗਰੀ ਨੂੰ ਸੋਸਲ ਮੀਡੀਆ ਉੱਤੇ ਅਪਲੋਡ ਕਰ ਰਹੇ ਹਨ ਜਿਸ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਤੁਰੰਤ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਕਿਉਂਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤਮਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੋਸਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਤੇ ਤੱਥਹੀਣ ਖ਼ਬਰਾਂ ਉੱਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ ਅਤੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਵੱਲੋਂ ਲੋਕ ਹਿੱਤ ਵਿੱਚ ਕੋਈ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਹੀ ਸਹੀ ਮੰਨਿਆ ਜਾਵੇ। ਡਾ. ਸੋਨਾ ਥਿੰਦ ਨੇ ਕਿਹਾ ਕਿ ਵਟਸਐੱਪ ਉੱਤੇ ਆਉਣ ਵਾਲੀਆਂ ਗੈਰ ਪ੍ਰਮਾਣਿਤ ਖ਼ਬਰਾਂ ਨੂੰ ਵੀ ਅੱਗੇ ਕਿਸੇ ਨਾਲ ਸਾਂਝਾ ਨਾ ਕੀਤਾ ਜਾਵੇ ਕਿਉਂਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਉੱਤੇ ਪੁਲਿਸ ਦੇ ਸਾਇਬਰ ਸੈੱਲ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਪੱਧਰ 'ਤੇ ਕੰਟਰੋਲ ਰੂਮ 01763-232838 ਸਥਾਪਿਤ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਦੀ ਸਹੂਲਤ ਲਈ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਤਹਿਤ ਸੰਪਰਕ ਨੰ- 0172-2741803 ਅਤੇ 0172-2749901 ਜਾਰੀ ਕੀਤੇ ਗਏ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਇਹਨਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਐਸ.ਪੀ. ਰਾਕੇਸ਼ ਕੁਮਾਰ ਯਾਦਵ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਬਿਹਤਰੀਨ ਪ੍ਰਬੰਧ ਹਨ ਅਤੇ ਅਹਿਤਿਆਤ ਦੇ ਤੌਰ 'ਤੇ ਨਾਗਰਿਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਮੇਂ ਸਮੇਂ ਤੇ ਸਰਕਾਰ ਵੱਲੋਂ ਜਾਰੀ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਅਤੇ ਐਡਵਾਇਜ਼ਰੀ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਏ.ਡੀ.ਸੀ ਹਰਪ੍ਰੀਤ ਸਿੰਘ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਮੂਹ ਉਪਮੰਡਲ ਮੈਜਿਸਟਰੇਟ, ਸਿਵਲ ਸਰਜਨ, ਡੀਐਫਐਸਸੀ, ਕਮਾਂਡੈਂਟ ਪੰਜਾਬ ਹੋਮਗਾਰਡਜ਼ ਸਮੇਤ ਹੋਰ ਅਧਿਕਾਰੀ ਮੌਜੂਦ ਸਨ।